ਮਾਲੇਰਕੋਟਲਾ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ-ਡਿਪਟੀ ਕਮਿਸ਼ਨਰ
- by Jasbeer Singh
- May 20, 2026
ਮਾਲੇਰਕੋਟਲਾ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ-ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ ਕਿ ਅਫਵਾਹਾਂ ਤੋਂ ਬਚੋ, ਘਬਰਾਹਟ ਵਿੱਚ ਜਮ੍ਹਾਂਖੋਰੀ ਨਾ ਕਰੋ ਮਾਲੇਰਕੋਟਲਾ, 20 ਮਈ 2026 : ਜ਼ਿਲ੍ਹਾ ਮਾਲੇਰਕੋਟਲਾ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਨੂੰ ਲੈ ਕੇ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਭਰਮ ਦੀ ਸਥਿਤੀ ਨਾ ਬਣੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ,ਆਈ.ਓ.ਸੀ.ਐਲ.ਰਿਟੇਲ ਮੈਨੇਜਰ ਸੇਲਜ਼,ਸੈਫ ਜਮਾਇਲ, ਜਨਰਲ ਸਕੱਤਰ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਅਤੇ ਪ੍ਰਧਾਨ ਮਾਲੇਰਕੋਟਲਾ ਧੂਰੀ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਵਿਕੀ ਸ਼ਾਹੀ, ਬੀ.ਪੀ.ਸੀ.ਐਲ. ਕਪਿਲ ਸਿੰਗਲਾ, ਬੀ.ਪੀ.ਸੀ.ਐਲ ਇਸਰਾਰ ਖਾਨ, ਮਾਲਵਾ ਗੈਸ ਏਜੰਸੀ ਗੁਰਮੀਤ ਸਿੰਘ ਤੋਂ ਇਲਾਵਾ ਵੱਖ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੂੰ ਪੈਟਰੋਲੀਅਮ ਪਦਾਰਥਾਂ ਏਜੰਸੀਆਂ ਦੇ ਨੁਮਾਇੰਦਿਆਂ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਹੈ ਅਤੇ ਕਿਸੇ ਵੀ ਕਿਸਮ ਦੀ ਘਾਟ ਨਹੀਂ ਹੈ। ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਕੋਲ ਲੋੜ ਅਨੁਸਾਰ ਸਟਾਕ ਉਪਲਬਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਬਰਾਹਟ ਵਿੱਚ ਆ ਕੇ ਪੈਟਰੋਲ, ਡੀਜ਼ਲ ਜਾਂ ਗੈਸ ਦੀ ਬੇਲੋੜੀ ਜਮ੍ਹਾਂਖੋਰੀ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਬਿਨਾਂ ਲੋੜ ਵੱਧ ਮਾਤਰਾ ਵਿੱਚ ਸਟਾਕ ਇਕੱਠਾ ਕਰਨਗੇ ਤਾਂ ਇਸ ਨਾਲ ਹੋਰ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਉਨ੍ਹਾਂ ਘਰੇਲੂ ਗੈਸ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਘਰਾਂ ਵਿੱਚ ਵਾਧੂ ਸਿਲੰਡਰ ਇਕੱਠੇ ਨਾ ਕੀਤੇ ਜਾਣ ਅਤੇ ਸਿਰਫ਼ ਲੋੜ ਅਨੁਸਾਰ ਹੀ ਗੈਸ ਦੀ ਬੁਕਿੰਗ ਕਰਵਾਈ ਜਾਵੇ । ਇਸ ਦੇ ਨਾਲ ਹੀ ਐਲ.ਪੀ.ਜੀ ਗੈਸ ਦੀ ਡੋਰ-ਟੂ-ਡੋਰ ਸਪਲਾਈ ਨੂੰ ਨਿਰਵਿਘਨ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ । ਡਿਪਟੀ ਕਮਿਸ਼ਨਰ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਪੈਟਰੋਲ, ਡੀਜ਼ਲ ਜਾਂ ਐਲ.ਪੀ.ਜੀ ਗੈਸ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਜਾਂ ਸੰਸਥਾ ਇਸ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਈ ਗਈ ਤਾਂ ਉਸ ਵਿਰੁੱਧ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੈਟਰੋਲ ਪੰਪ ਡੀਲਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਤੇਲ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਲੋੜ ਤੋਂ ਵੱਧ ਪੈਟਰੋਲ ਜਾਂ ਡੀਜ਼ਲ ਜਾਰੀ ਨਾ ਕੀਤਾ ਜਾਵੇ ਅਤੇ ਕੇਵਲ ਵਾਹਨਾਂ ਵਿੱਚ ਹੀ ਤੇਲ ਭਰਿਆ ਜਾਵੇ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾਵੇਗੀ ।
