 
                                             ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼
- by Jasbeer Singh
- July 24, 2024
 
                              ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼ ਨਵੀਂ ਦਿੱਲੀ, 24 ਜੁਲਾਈ : ਕਿਸਾਨਾਂ ਅਤੇ ਸਰਕਾਰ ਦਰਮਿਆਨ ਭਰੋਸੇ ਦੀ ਘਾਟ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਉੱਘੇ ਵਿਅਕਤੀਆਂ ਦੀ ਸੁਤੰਤਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਇਸ ਲਈ ਇੱਕ ‘ਨਿਰਪੱਖ ਅੰਪਾਇਰ’ ਦੀ ਲੋੜ ਹੈ ਜੋ ਕਿਸਾਨਾਂ ਅਤੇ ਸਰਕਾਰ ਵਿਚਕਾਰ ਵਿਸ਼ਵਾਸ ਪੈਦਾ ਕਰ ਸਕੇ। ਬੈਂਚ ਨੇ ਕਿਹਾ, ‘‘ਸੁਤੰਤਰ ਕਮੇਟੀ ਤੋਂ ਇੱਕ ਹਫ਼ਤੇ ਦੇ ਅੰਦਰ ਢੁਕਵੇਂ ਨਿਰਦੇਸ਼ ਲਏ ਜਾਣ।’’ ਉਦੋਂ ਤੱਕ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਸਿਖਰਲੀ ਅਦਾਲਤ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਲਗਾਏ ਗਏ ਬੈਰੀਕੇਡਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਹਟਾਉਣ ਲਈ ਕਿਹਾ ਗਿਆ ਸੀ, ਜਿੱਥੇ ਕਿਸਾਨਾਂ ਨੇ 13 ਫਰਵਰੀ ਤੋਂ ਡੇਰੇ ਲਾਏ ਹੋਏ ਹਨ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     