ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਸੁਪਰੀਮ ਕ
- by Jasbeer Singh
- October 4, 2024
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀਏਕਿਊਐੱਮ) ਨੂੰ ਝਾੜ ਪਾਉਂਦਿਆਂ ਸਿਖਰਲੀ ਅਦਾਲਤ ਨੇ ਕਿਹਾ ਕਿ ਕਮਿਸ਼ਨ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੇ ਨਿਰਦੇਸ਼ਾਂ ਨੂੰ ਲਾਗੂ ਕਰਨ ਦਾ ਕੋਈ ਉਪਰਾਲਾ ਨਹੀਂ ਕੀਤਾ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵੇਂ ਸੂਬਿਆਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਮਾਮੂਲੀ ਜੁਰਮਾਨਾ ਵਸੂਲਣ ਤੋਂ ਇਲਾਵਾ ਹੋਰ ਕੋਈ ਕਦਮ ਨਹੀਂ ਚੁੱਕਿਆ ਹੈ। ਜਸਟਿਸ ਅਭੈ ਐੱਸ. ਓਕਾ, ਅਹਿਸਾਨੂਦੀਨ ਅਮਾਨਉੱਲ੍ਹਾ ਅਤੇ ਅਗਸਟੀਨ ਜੌਰਜ ਮਸੀਹ ’ਤੇ ਆਧਾਰਿਤ ਤਿੰਨ ਜੱਜਾਂ ਦੇ ਬੈਂਚ ਨੇ ਸੀਏਕਿਊਐੱਮ, ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਇਸ ਮਾਮਲੇ ’ਤੇ ਇਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਾਮਲੇ ਦੀ ਸੁਣਵਾਈ 16 ਅਕਤੂਬਰ ’ਤੇ ਪਾ ਦਿੱਤੀ। ਬੈਂਚ ਨੇ ਕਿਹਾ ਕਿ ਕਮਿਸ਼ਨ ਨੇ ਕੌਮੀ ਰਾਜਧਾਨੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਖਿ਼ਲਾਫ਼ ਇੱਕ ਵੀ ਕੇਸ ਦਰਜ ਨਹੀਂ ਕੀਤਾ ਜਦਕਿ ਉਹ ਮੀਟਿੰਗਾਂ ਕਰਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੇ ਵੀ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਸਬੰਧੀ ਕੋਈ ਦਸਤਾਵੇਜ਼ ਪੇਸ਼ ਹੀ ਨਹੀਂ ਕੀਤਾ ਹੈ। ਬੈਂਚ ਨੇ ਕਿਹਾ ਕਿ ਕਮਿਸ਼ਨ ਦੀ ਉਪ-ਕਮੇਟੀ ਦੀ ਆਖਰੀ ਮੀਟਿੰਗ 29 ਅਗਸਤ ਨੂੰ ਹੋਈ ਸੀ, ਜਿਸ ਵਿੱਚ ਨਿਰਦੇਸ਼ ਲਾਗੂ ਕਰਨ ਬਾਰੇ ਕੋਈ ਵਿਚਾਰ ਵਟਾਂਦਰਾ ਨਹੀਂ ਹੋਇਆ। ਹਾਲਾਂਕਿ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਪਰਾਲੀ ਸਾੜਨ ਵਾਲਿਆਂ ਨੂੰ ਸਜ਼ਾ ਦੇਣ ਦੇ ਵਿਸ਼ੇਸ਼ ਨਿਰਦੇਸ਼ ਸਨ। ਸਿਖਰਲੀ ਅਦਾਲਤ ਨੇ ਕਿਹਾ ਕਿ ਮੀਟਿੰਗ ਵਿੱਚ 11 ਵਿੱਚੋਂ ਸਿਰਫ਼ ਪੰਜ ਮੈਂਬਰ ਹਾਜ਼ਰ ਸਨ ਪਰ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਕੋਈ ਚਰਚਾ ਨਹੀਂ ਕੀਤੀ ਗਈ ।
Related Post
Popular News
Hot Categories
Subscribe To Our Newsletter
No spam, notifications only about new products, updates.