
ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਨੌਕਰੀ ਵਿਵਾਦ ਮਾਮਲੇ ਦੀ ਸੁਣਵਾਈ 15 ਨੂੰ

ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਨੌਕਰੀ ਵਿਵਾਦ ਮਾਮਲੇ ਦੀ ਸੁਣਵਾਈ 15 ਨੂੰ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ 15 ਜਨਵਰੀ ਨੂੰ ਪੱਛਮੀ ਬੰਗਾਲ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ 25,753 ਅਧਿਆਪਕਾਂ ਤੇ ਗ਼ੈਰ-ਅਧਿਆਪਨ ਕਰਮਚਾਰੀਆਂ ਦੀ ਨਿਯੁਕਤੀ ਨੂੰ ਨਜਾਇਜ ਕਰਾਰ ਦੇਣ ਵਾਲੇ ਕਲਕੱਤਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ । ਅਦਾਲਤ ਦੀ ਵੈੱਬਸਾਈਟ ’ਤੇ ਪਾਈ ਕੇਸਾਂ ਦੀ ਸੂਚੀ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ । ਸੂਚੀ ਅਨੁਸਾਰ ਚੀਫ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੈ ਕੁਮਾਰ ਦਾ ਬੈਂਚ ਇਸ ਮਾਮਲੇ ’ਤੇ ਸੁਣਵਾਈ ਕਰੇਗਾ। ਸੂਬਾ ਸਰਕਾਰ ਵੱਲੋਂ ਦਾਇਰ ਇੱਕ ਪਟੀਸ਼ਨ ਸਮੇਤ ਕੁੱਲ 124 ਪਟੀਸ਼ਨਾਂ ਅਦਾਲਤ ’ਚ ਦਾਇਰ ਹਨ, ਜਿਨ੍ਹਾਂ ’ਚ ਹਾਈ ਕੋਰਟ ਦੇ ਅਪਰੈਲ 2024 ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਪਿਛਲੇ ਸਾਲ 7 ਮਈ ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਸੀ । ਪਿਛਲੇ ਸਾਲ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਤੋਂ ਵੀ ਇਨ੍ਹਾਂ ਨਿਯੁਕਤੀਆਂ ਦੇ ਸਬੰਧ ਵਿੱਚ ਜਵਾਬ ਮੰਗਿਆ ਸੀ ।