
ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਲਿਆ ਪ੍ਰਣ
- by Jasbeer Singh
- May 31, 2025

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਲਿਆ ਪ੍ਰਣ ਜਨਤਕ ਥਾਵਾਂ 'ਤੇ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਕਾਨੂੰਨੀ ਅਪਰਾਧ: ਡਾ.ਸੰਜੇ ਕਾਮਰਾ ਸੰਗਰੂਰ, 31 ਮਈ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਸਿਵਲ ਸਰਜਨ ਡਾ. ਸੰਜੇ ਕਾਮਰਾ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਪ੍ਰਣ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਕਿਹਾ ਕਿ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ )ਐਕਟ 2003 ਦੀ ਉਲੰਘਣਾ ਕਰਨਾ ਸਜ਼ਾਯੋਗ ਅਪਰਾਧ ਹੈ। ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ 'ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ 'ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਕਟ ਦੀ ਧਾਰਾ 6(ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6(ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਕਮ ਜਿਲ੍ਹਾ ਤੰਬਾਕੂ ਕੰਟਰੋਲ ਅਫਸਰ ਡਾ. ਸੰਜੇ ਮਾਥੁਰ ਨੇ ਕਿਹਾ ਕਿ ਤੰਬਾਕੂ ਦਾ ਕਿਸੇ ਵੀ ਰੂਪ ਨਾਲ ਸੇਵਨ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਕਮਜ਼ੋਰ ਕਰ ਦਿੰਦਾ ਹੈ ਤੇ ਉਸ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਜਾਂਦੀ ਹੈ, ਜਿਸ ਕਾਰਨ ਉਸ ਨੂੰ ਬਹੁਤ ਸਾਰੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ ਤੇ ਮਨੁੱਖ ਦੀ ਔਸਤਨ ਉਮਰ ਘਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਮੂੰਹ, ਗਲਾ ਤੇ ਫ਼ੇਫੜਿਆਂ ਦਾ ਕੈਂਸਰ ਤੇ ਦੰਦਾਂ ਆਦਿ ਦੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ।ਇਸ ਮੌਕੇ ਸਿਵਲ ਸਰਜਨ ਦਫਤਰ ਦਾ ਸਮੂਹ ਸਟਾਫ ਹਾਜ਼ਰ ਸੀ।
Related Post
Popular News
Hot Categories
Subscribe To Our Newsletter
No spam, notifications only about new products, updates.