ਅਧਿਆਪਕਾਂ ਨੇ ਅਧਿਆਪਕ ਦਿਵਸ ਨੂੰ ਮਨਾਇਆ ਕਾਲੇ ਦਿਵਸ ਵਜੋਂ
ਪਟਿਆਲਾ, 5 ਸਤੰਬਰ 2026 : ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ ਐਸੋੋਸੀਏਸ਼ਨ (Punjabi University Contract Teachers Association) ਪਟਿਆਲਾ ਵਲੋਂ ਅਧਿਆਪਕ ਦਿਵਸ ਨੂੰ ਅੱਜ ਕਾਲੇ ਦਿਵਸ ਦੇ ਤੌਰ 'ਤੇ ਮਨਾਇਆ ਗਿਆ ਹੈ ।
ਕਿਸ ਕਾਰਨ ਮਨਾਇਆ ਗਿਆ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਦੇ ਤੌਰ 'ਤੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋੋਸੀਏਸ਼ਨ ਵਲੋਂ ਜੋ ਅੱਜ ਅਧਿਆਪਕ ਦਿਵਸ (Teacher's Day) ਨੂੰ ਕਾਲੇ ਦਿਵਸ ਦੇ ਤੌਰ 'ਤੇ ਮਨਾਇਆ ਗਿਆ ਹੈ ਦਾ ਮੁੱਖ ਕਾਰਨ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣਾ ਹੈ । ਦੱਸਣਯੋਗ ਹੈ ਕਿ ਮੰਗਾਂ ਪੂਰੀਆਂ ਕਰਵਾਉਣ ਲਈ ਦਿੱਤਾ ਜਾ ਰਿਹਾ ਅਧਿਆਪਕਾਂ ਦਾ ਧਰਨਾ ਅੱਜ 19ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ।
ਕੀ ਦੱਸਿਆ ਧਰਨਾਕਾਰੀ ਅਧਿਆਪਕਾਂ ਨੇ
ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਲਗਾਤਾਰ 19 ਦਿਨ ਤੋਂ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਕਿਹਾ ਕਿ ਵੱਖ-ਵੱਖ ਕਾਲਜਾਂ ਅਤੇ ਕੈਂਪਸਾਂ ਵਿੱਚ ਵੀ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ । ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਕਈ ਜਾਇਜ਼ ਮੰਗਾਂ ਖਾਸ ਕਰਕੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਨਾਲ ਸਬੰਧਤ ਮੰਗਾਂ, ਪਿਛਲੇ 15-20 ਸਾਲਾਂ ਤੋਂ ਹੱਲ ਨਹੀਂ ਹੋਈਆਂ ਹਨ ।
ਕਿਸ ਤਰ੍ਹਾਂ ਮਨਾਇਆ ਗਿਆ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਦੇ ਤੌਰ 'ਤੇ
ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੇ ਕਾਲੇ ਬੈਜ ਅਤੇ ਕਾਲੇ ਕੱਪੜੇ ਪਹਿਨ ਕੇ ਅਤੇ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਗਟ ਕੀਤਾ । ਇਸ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ, ਸਬੰਧਤ ਅਧਿਕਾਰੀਆਂ ਅਤੇ ਆਮ ਲੋਕਾਂ ਦਾ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਵੱਲ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ । ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ (University Administration) ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਤੁਰੰਤ ਅਤੇ ਸਾਰਥਕ ਕਦਮ ਚੁੱਕੇ ਅਤੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਤੇ ਜਾਇਜ਼ ਲਾਭ ਦਿੱਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ ।
ਮੰਗਾਂ ਦਾ ਹੱਲ ਨਾ ਹੋਣ ਤੱਕ ਜਾਰੀ ਰਹੇਗਾ ਸ਼ਾਂਤੀ ਸੰਘਰਸ਼
ਅਧਿਆਪਕਾਂ ਨੇ ਅੱਗੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਹ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਆਪਣੀਆਂ ਮੰਗਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ । ਅਧਿਆਪਕ ਭਾਈਚਾਰੇ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਜਾਗਰ ਕਰੇ ਤਾਂ ਜੋ ਉਨ੍ਹਾਂ ਦੀ ਆਵਾਜ਼ ਵੱਡੇ ਪੱਧਰ ’ਤੇ ਆਮ ਲੋਕਾਂ ਅਤੇ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਸਕੇ ।
