
ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
- by Jasbeer Singh
- August 9, 2024

ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਜ਼ੋਰਾਂ 'ਤੇ -ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ -15 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ ਪਟਿਆਲਾ, 9 ਅਗਸਤ : 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਇਸ ਜ਼ਿਲ੍ਹਾ ਪੱਧਰੀ ਸਮਾਗਮ ਦੀਆ ਰਿਹਰਸਲ ਦਾ ਜਾਇਜ਼ਾ ਲੈਣ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਤੇ ਸਕਾਊਟ ਦੀ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਇਸ ਉਪਰੰਤ ਮੁੱਖ ਮਹਿਮਾਨ ਮਾਰਚ ਪਾਸਟ ਤੋਂ ਸਲਾਮੀ ਲੈਣਗੇ । ਇਸ ਮੌਕੇ ਮੈਡਮ ਕੰਚਨ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ 'ਤੇ ਆਧਾਰਤ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਜਾਵੇਗੀ। ਏ.ਡੀ.ਸੀ. ਨੇ ਦੱਸਿਆਂ ਕਿ ਸਭਿਆਚਾਰਕ ਆਈਟਮਾਂ ਦੀ ਚੋਣ ਆਜ਼ਾਦੀ ਦਿਹਾੜੇ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆਂ ਹੈ । ਇਸ ਮੌਕੇ ਰਜਿੰਦਰ ਸਿੰਘ, ਅਮਨਦੀਪ ਕੌਰ, ਰੇਨੂੰ ਕੌਂਸਲ, ਜਗਤਾਰ ਸਿੰਘ ਟਿਵਾਣਾ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਜਪਾਲ ਅਤੇ ਵੱਖ-ਵੱਖ ਸਕੂਲਾਂ, ਕਾਲਜਾ ਦੇ ਅਧਿਆਪਕ ਤੇ ਵੱਡੀ ਗਿਣਤੀ ਵਿੱਚ ਬੱਚੇ ਮੌਜੂਦ ਸਨ ।