post

Jasbeer Singh

(Chief Editor)

Patiala News

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ

post-img

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ -ਬਰਸਾਤਾਂ ਦੇ ਮੌਸਮ 'ਚ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਏ.ਡੀ.ਸੀ. -ਵਿਸ਼ਵ ਆਬਾਦੀ ਦਿਵਸ ਸਬੰਧੀ ਪੋਸਟਰ ਕੀਤਾ ਜਾਰੀ -ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਤਿੰਨ ਆਸ਼ਾ ਵਰਕਰਾਂ ਨੂੰ ਕੀਤਾ ਸਨਮਾਨਿਤ -ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਦਿੱਤੇ ਨਿਰਦੇਸ਼ ਪਟਿਆਲਾ, 10 ਜੁਲਾਈ :ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਰੱਖੇ ਜਾਣ ਅਤੇ ਸਿਹਤ ਵਿਭਾਗ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਆਪਸੀ ਤਾਲਮੇਲ ਨਾਲ ਨਾਲ ਵੱਖ ਵੱਖ ਖੇਤਰਾਂ 'ਚੋਂ ਪਾਣੀ ਦੇ ਸੈਂਪਲ ਦੀ ਜਾਂਚ ਕਰਨਾ ਯਕੀਨੀ ਬਣਾਉਣ। ਮੀਟਿੰਗ 'ਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਸਿਵਲ ਸਰਜਨ ਡਾ. ਸੰਜੇ ਗੋਇਲ ਵੀ ਮੌਜੂਦ ਸਨ। ਮੈਡਮ ਕੰਚਨ ਨੇ ਕੌਮੀ ਸਿਹਤ ਮਿਸ਼ਨ ਤਹਿਤ ਕਰਵਾਈਆਂ ਗਈਆਂ ਵੱਖ ਵੱਖ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਜਿਥੇ ਕੀਤੇ ਵੀ ਕੈਂਪ ਲਗਾਏ ਜਾਂਦੇ ਹਨ, ਉਥੇ ਸਾਰੀਆਂ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਪੁੱਜਦਾ ਹੋ ਸਕੇ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ਵ ਆਬਾਦੀ ਦਿਵਸ ਦਾ ਪੋਸਟਰ ਵੀ ਜਾਰੀ ਕੀਤਾ ਅਤੇ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਤਿੰਨ ਆਸ਼ਾ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 65 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਜਲਦੀ ਹੀ 6 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਈ-ਜੂਨ ਮਹੀਨੇ ਦੌਰਾਨ ਪੀ.ਸੀ-ਪੀ.ਐਨ.ਡੀ.ਟੀ ਪ੍ਰੋਗਰਾਮ ਅਧੀਨ ਪੰਜਾਬ ਵਿੱਚ ਸਭ ਤੋਂ ਵੱਧ ਅਲਟਰਾਸਾਊਡ ਸੈਂਟਰਾਂ ਦੀ ਇਸਪੈਕਸ਼ਨ ਕੀਤੀ ਗਈ ਹੈ। ਮੀਟਿੰਗ 'ਚ ਜ਼ਿਲ੍ਹੇ ਦੇ ਸਮੂਹ ਐਸ.ਐਚ.ਓਜ਼ ਵੀ ਮੌਜੂਦ ਸਨ।

Related Post