
ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ
- by Jasbeer Singh
- September 12, 2024

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਹੋਵੇਗਾ ਬੁੱਤ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਵਿੱਚ ਸਹਾਈ ਹੋਵੇਗਾ ਬੁੱਤ ਚੰਡੀਗੜ੍ਹ 12 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ। ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨੇਤਾਵਾਂ ਦੇ ਨਾਮ 'ਤੇ ਰੱਖਣ ਨਾਲ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਤੋਂ ਏਅਰਪੋਰਟ 'ਤੇ ਉਤਰੇ ਪੰਜਾਬੀਆਂ ਦੀ ਨੌਜਵਾਨ ਪੀੜ੍ਹੀ ਵਿਚ ਇਸ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਸ ਕੌਮੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਰਹੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਸ਼ਹੀਦ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ ਸਗੋਂ ਉਸ ਦੇ ਸਮਾਜਵਾਦ ਦੇ ਫਲਸਫੇ ਅਤੇ ਅਨਿਆਂ ਵਿਰੁੱਧ ਲੜਾਈ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਮਹਾਨ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Related Post
Popular News
Hot Categories
Subscribe To Our Newsletter
No spam, notifications only about new products, updates.