ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ
- by Jasbeer Singh
- July 16, 2024
ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਕੁਝ ਕਸਬਿਆਂ ਵਿੱਚ ਹੈਜ਼ੇ ਦੇ ਫੈਲਾਅ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਇਸ ਮੁੱਦੇ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ੀਰੋ ਸਹਿਣਸ਼ੀਲਤਾ ਰੱਖਣ ਦੇ ਨਿਰਦੇਸ਼ ਚੰਡੀਗੜ੍ਹ, 16 ਜੁਲਾਈ : ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ ਹਾਜ਼ਰ ਸਨ। ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਨਜ਼ਰ ਆਵੇ ਤਾਂ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ। ਸ੍ਰੀ ਵਰਮਾ ਨੇ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਕਮਿਸ਼ਨਰਾਂ ਅਤੇ ਈਓਜ਼ ਤੋਂ ਸਰਟੀਫਿਕੇਟ ਲੈਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਸਾਰੇ ਖੇਤਰਾਂ ਦੇ ਸਾਰੇ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਗੰਦਗੀ ਰਹਿਤ ਸਾਫ਼-ਸੁਥਰਾ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਸ੍ਰੀ ਵਰਮਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਨੂੰ ਦਿਹਾਤੀ ਖੇਤਰਾਂ ਵਿੱਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਸਾਰੇ ਪਿੰਡਾਂ ਅਤੇ ਖਾਸ ਤੌਰ 'ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ। ਉਨ੍ਹਾਂ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਤੋਂ ਵੀ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਸਾਰੇ ਇਲਾਕਿਆ ਵਿੱਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਲੈਣ ਲਈ ਕਿਹਾ ਹੈ । ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਮਾ ਨੇ ਸਕੱਤਰ ਸਿਹਤ ਨੂੰ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਝੁੱਗੀਆਂ-ਝੌਂਪੜੀਆਂ ਅਤੇ ਸੰਵੇਦਨਸ਼ੀਲ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਕੋਈ ਵੀ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਤੁਰੰਤ ਇਸ ਮਾਮਲੇ ਦੀ ਰਿਪੋਰਟ ਸਬੰਧਤ ਡਿਪਟੀ ਕਮਿਸ਼ਨਰ ਨੂੰ ਕੀਤੀ ਜਾਵੇ, ਜੋ ਉਸ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕਰੇ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਖੇਤਰਾਂ ਵਿੱਚ ਪੀਣ ਯੋਗ ਪਾਣੀ ਤੁਰੰਤ ਟੈਂਕਰਾਂ ਰਾਹੀਂ ਉਪਲੱਬਧ ਕਰਵਾਇਆ ਜਾਵੇ। ਇਸ ਤੋਂ ਇਲਾਵਾ ਲੋੜੀਂਦੀ ਮਾਤਰਾ ਵਿੱਚ ਕਲੋਰੀਨ ਦੀਆਂ ਗੋਲੀਆਂ ਦੀ ਸਪਲਾਈ ਯਕੀਨੀ ਬਣਾਈ ਜਾਵੇ । ਸ੍ਰੀ ਵਰਮਾ ਨੇ ਸਕੱਤਰ ਸਿਹਤ ਨੂੰ ਹੁਣ ਤੱਕ ਬਿਮਾਰ ਪਏ ਵਿਅਕਤੀਆਂ ਦਾ ਮੁਫ਼ਤ ਅਤੇ ਢੁੱਕਵਾਂ ਇਲਾਜ ਯਕੀਨੀ ਬਣਾਉਣ ਲਈ ਹਦਾਇਤ ਵੀ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਉਪਰੋਕਤ ਨਿਰਦੇਸ਼ਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਸਬੰਧੀ ਕਿਸੇ ਵੱਲੋਂ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਮੀਟਿੰਗ ਵਿੱਚ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲਕੰਠ ਐਸ ਅਵਹਾਡ, ਸਕੱਤਰ ਸਿਹਤ ਡਾ. ਅਭਿਨਵ, ਸਕੱਤਰ ਸਥਾਨਕ ਸਰਕਾਰਾਂ ਰਵੀ ਭਗਤ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਓਮਾ ਸ਼ੰਕਰ ਗੁਪਤਾ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.