
ਸਬ ਡਵੀਜ਼ਨ ਸੁਨਾਮ ਦੇ ਪਿੰਡ ਛਾਹੜ ਵਿਖੇ ਆਯੋਜਿਤ ਕਲਸਟਰ ਪੱਧਰੀ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
- by Jasbeer Singh
- July 9, 2024

ਸਬ ਡਵੀਜ਼ਨ ਸੁਨਾਮ ਦੇ ਪਿੰਡ ਛਾਹੜ ਵਿਖੇ ਆਯੋਜਿਤ ਕਲਸਟਰ ਪੱਧਰੀ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਉੱਤੇ 53 ਇੰਤਕਾਲ ਦੇ ਮਾਮਲੇ ਨਿਪਟਾਏ ਛਾਹੜ/ ਸੁਨਾਮ ਊਧਮ ਸਿੰਘ ਵਾਲਾ, 9 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀਂ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਸਦੇ ਨਾਗਰਿਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਪ੍ਰਸ਼ਾਸ਼ਨਿਕ ਸੁਵਿਧਾਵਾਂ ਮੁਹਈਆ ਕਰਾਉਣ ਲਈ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਸੁਨਾਮ ਦੇ ਵੱਡੇ ਪਿੰਡ ਛਾਹੜ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਅਤੇ ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਕੈਂਪ ਦਾ ਜਾਇਜ਼ਾ ਲਿਆ । ਇਸ ਮੌਕੇ ਐਸ.ਡੀ.ਐਮ ਸਿੰਗਲਾ ਨੇ ਦੱਸਿਆ ਕਿ ਸਬ ਡਵੀਜ਼ਨ ਸੁਨਾਮ ਵਿੱਚ ਸ਼ਹਿਰੀ ਅਤੇ ਪਿੰਡਾਂ ਦੇ ਪੱਧਰ ਤੇ ਹਰ ਹਫਤੇ ਵਿੱਚ ਦੋ ਦੋ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਅਤੇ ਲੋਕ ਵੱਧ ਚੜ ਕੇ ਇਹਨਾਂ ਕੈਂਪਾਂ ਦਾ ਲਾਭ ਉਠਾ ਰਹੇ ਹਨ। ਉਹਨਾਂ ਦੱਸਿਆ ਕਿ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਦੁਆਰਾ ਇਸ ਕੈਂਪ ਦੇ ਦੌਰਾਨ ਹੀ ਲੋਕਾਂ ਦੇ ਇੰਤਕਾਲ ਨਾਲ ਸਬੰਧਤ 53 ਮਾਮਲਿਆਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਕਲਸਟਰ ਪੱਧਰੀ ਇਸ ਕੈਂਪ ਵਿੱਚ ਛਾਹੜ ਤੋਂ ਇਲਾਵਾ ਚੱਠਾ ਨਨਹੇੜਾ, ਕੋਹਰੀਆਂ, ਰਾਮਗੜ੍ਹ ਜਵੰਦਾ, ਖਡਿਆਲ, ਰਟੋਲਾਂ ਪਿੰਡਾਂ ਦੇ ਨਿਵਾਸੀਆਂ ਨੇ ਵੀ ਲਾਭ ਉਠਾਇਆ ਹੈ। ਉਹਨਾਂ ਇਸ ਦੌਰਾਨ ਕੈਂਪ ਵਿੱਚ ਸੇਵਾਵਾਂ ਲੈਣ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਅਤੇ ਲੋਕਾਂ ਦੀ ਬੇਹਤਰੀ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਦੱਸਿਆ। ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤਾ ਜਾ ਰਿਹਾ ਇੱਕ ਮਹੱਤਵਪੂਰਨ ਉਪਰਾਲਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।