

ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੱਲ੍ਹੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਜੈਸ੍ਰੀ ਠਾਕੁਰ ਦੀ ਅਗਵਾਈ ਹੇਠ ਬਣਾਈ ਕਮੇਟੀ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਕਮੇਟੀ ਵੱਲੋਂ ਕਿਸਾਨ ਆਗੂ ਅਭਿਮੰਨਿਊ ਕੋਹਾੜ ਤੇ ਪਿੰਡ ਬੱਲ੍ਹੋ ਦੇ ਗੁਰਪ੍ਰੀਤ ਸਿੰਘ ਦੇ ਬਿਆਨ ਲਏ ਗਏ। ਕਮੇਟੀ ਨੇ ਕਿਸਾਨਾਂ ਨੂੰ 20 ਮਈ ਨੂੰ ਮੁੜ ਸੱਦਿਆ ਹੈ। ਉਸ ਦਿਨ ਢਾਈ ਦਰਜਨ ਕਿਸਾਨਾਂ ਵੱਲੋਂ ਆਪਣੇ ਬਿਆਨਾਂ ਦੇ ਹਲਫਨਾਮੇ ਤੇ ਹੋਰ ਸਬੂਤ ਕਮੇਟੀ ਕੋਲ ਜਮ੍ਹਾਂ ਕਰਵਾਏ ਜਾਣਗੇ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਮੇਟੀ ਕੋਲ ਪਹੁੰਚੇ। ਕਮੇਟੀ ਵੱਲੋਂ ਦੋ ਜਣਿਆਂ ਨਾਲ ਢਾਈ ਘੰਟੇ ਗੱਲਬਾਤ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਤੇ ਹਰਿਆਣਾ ਹੱਦ ’ਤੇ ਹਰਿਆਣਾ ਪੁਲੀਸ ਦੀਆਂ ਵਧੀਕੀਆਂ ਬਾਰੇ ਜਾਣੂ ਕਰਵਾਇਆ। ਸ਼ਹੀਦ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦੀ ਮਦਦ ਪਟਿਆਲਾ (ਖੇਤਰੀ ਪ੍ਰਤੀਨਿਧ): ਕਿਸਾਨੀ ਸੰਘਰਸ਼ ਦੌਰਾਨ 21 ਫਰਵਰੀ ਨੂੰ ਢਾਬੀਗੁੱਜਰਾਂ ਬਾਰਡਰ ’ਤੇ ਸਿਰ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਬੱਲੋ ਦੇ ਪਰਿਵਾਰ ਨੂੰ ‘ਕਾਮਰੇਡ ਹਰਦੇਵ ਸਿੰਘ ਟਰੱਸਟ’ ਵੱਲੋਂ ਸੁਪਰੀਮ ਕੋਰਟ ਦੇ ਵਕੀਲ ਸਵਰਗੀ ਹਰਦੇਵ ਸਿੰਘ ਦੀ ਪਤਨੀ ਮਨਜੀਤ ਹਰਦੇਵ ਸਿੰਘ ਨੇ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਇੱਕ ਲੱਖ ਰੁਪਏ ਦਾ ਚੈੱਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ ਅਤੇ ਉਕਤ ਟਰੱਸਟ ਦੇ ਚੇਅਰਮੈਨ ਡਾ. ਬਲਵਿੰਦਰ ਟਿਵਾਣਾ ਨੇ ਸ਼ੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਤੇ ਭੈਣ ਗੁਰਪ੍ਰੀਤ ਕੌਰ ਨੂੰ ਡਾ. ਨਿਰਭੈ ਸਿੰਘ ਅਤੇ ਡਾ. ਮੱਖਣ ਸਿੰਘ ਦੀ ਮੌਜੂਦਗੀ ’ਚ ਸੌਂਪਿਆ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.