
ਕਾਂਗਰਸ ਵਰਕਿੰਗ ਕਮੇਟੀ ਨੇ ਸਰਬਸੰਮਤੀ ਨਾਲ ਰਾਹੁਲ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ਦੀ ਅਪੀਲ ਕੀਤੀ
- by Aaksh News
- June 9, 2024

ਕਾਂਗਰਸ ਵਰਕਿੰਗ ਕਮੇਟੀ ਨੇ ਅੱਜ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਸੰਸਦੀ ਦਲ ਦਾ ਨੇਤਾ ਹੀ ਹੇਠਲੇ ਸਦਨ ਵਿੱਚ ਵਿਰੋਧੀ ਧਿਰ ਦਾ ਨੇਤਾ ਹੋਵੇਗਾ। ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ। ਮੀਟਿੰਗ ਵਿੱਚ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ। ਵਰਕਿੰਗ ਕਮੇਟੀ ਨੇ ਮਤਾ ਵੀ ਪਾਸ ਕਰਕੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਅਪੀਲ ਕੀਤੀ ਹੈ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਰਕਿੰਗ ਕਮੇਟੀ ਨੇ ਸਰਬਸੰਮਤੀ ਨਾਲ ਇਕ ਮਤਾ ਪਾਸ ਕਰਕੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵਰਕਿੰਗ ਕਮੇਟੀ ਮੈਂਬਰਾਂ ਦੇ ਵਿਚਾਰ ਸੁਣੇ ਅਤੇ ਕਿਹਾ ਕਿ ਉਹ ਇਸ ਸਬੰਧੀ ਜਲਦੀ ਹੀ ਕੋਈ ਫੈਸਲਾ ਕਰਨਗੇ।