
ਕੇਂਦਰ ਸਰਕਾਰ ਵੱਲੋਂ ਸਾਜਿਸ਼ ਤਹਿਤ "ਪੰਜਾਬ ਯੂਨੀਵਰਸਿਟੀ" ਨੂੰ ਪੰਜਾਬ ਤੋਂ ਖੋਹਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਪ੍ਰੋ
- by Jasbeer Singh
- June 2, 2025

ਕੇਂਦਰ ਸਰਕਾਰ ਵੱਲੋਂ ਸਾਜਿਸ਼ ਤਹਿਤ "ਪੰਜਾਬ ਯੂਨੀਵਰਸਿਟੀ" ਨੂੰ ਪੰਜਾਬ ਤੋਂ ਖੋਹਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਪ੍ਰੋ. ਬਡੂੰਗਰ ਪਟਿਆਲਾ, 2 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਇੱਕ ਸਾਜਿਸ਼ ਤਹਿਤ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਦੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਹਰ ਪੱਖ ਤੋਂ ਛਾਂਗਣ ਵਿੱਚ ਕੋਈ ਕਸਰ ਨਹੀਂ ਛੱਡੀ ਤੇ ਪੰਜਾਬ ਨੂੰ ਕੇਂਦਰ ਸਰਕਾਰ ਵੱਲੋਂ ਬੁਰੀ ਤਰ੍ਹਾਂ ਲੁੱਟਿਆ ਵੀ ਗਿਆ ਤੇ ਕੁੱਟਿਆ ਵੀ ਗਿਆ । ਪੰਜਾਬ ਤੋਂ ਪੰਜਾਬੀ ਬੋਲਦੇ ਇਲਾਕੇ ਖੋਹੇ ਗਏ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਤੋਂ ਦੂਰ ਕੀਤਾ, ਪੰਜਾਬ ਦੇ ਪਾਣੀਆਂ ਨੂੰ ਦੂਜੇ ਰਾਜਾਂ ਤੱਕ ਪਹੁੰਚਾਉਣ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਭ ਤੋਂ ਮੋਹਰੀ ਖੁਸ਼ਹਾਲ ਸੂਬਾ ਸੀ, ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਵੀ ਪੰਜਾਬੀਆਂ ਵੱਲੋਂ ਕੀਤੀਆਂ ਗਈਆਂ ਅਤੇ ਦੇਸ਼ ਦੀ ਵੰਡ ਸਮੇਂ ਪਾਕਿਸਤਾਨ ਦੇ ਲਾਹੌਰ ਤੋਂ ਬਦਲ ਕੇ ਪੰਜਾਬ ਆਈ ਪੰਜਾਬ ਯੂਨੀਵਰਸਿਟੀ ਜੋ ਚੰਡੀਗੜ੍ਹ ਵਿੱਚ ਸਥਾਪਿਤ ਹੈ, ਦਾ ਨਾਮ ਹੁਣ ਬਦਲਣ ਦੀਆਂ ਕੇਂਦਰ ਸਰਕਾਰ ਵੱਲੋਂ ਇੱਕ ਸਾਜ਼ਿਸ਼ ਤਹਿਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਪੰਜਾਬੀ ਕਿਸੇ ਵੀ ਕੀਮਤ ਤੇ ਬਦਲਣ ਨਹੀਂ ਦੇਣਗੇ। ਉਹਨਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਾਮ ਬਦਲ ਕੇ ਪੰਜਾਬ ਹਰਿਆਣਾ ਯੂਨੀਵਰਸਿਟੀ ਰੱਖਣ ਦੀਆਂ ਨਾਕਾਮ ਕੋਸ਼ਿਸ਼ਾਂ ਨਾਲ ਪੰਜਾਬ ਦੀ ਆਤਮਾ ਤੇ ਹਮਲਾ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਅੱਜ ਤੱਕ ਨਹੀਂ ਸੋਚਿਆ ਗਿਆ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਵਿਸ਼ੇਸ਼ ਇੰਡਸਟਰੀ ਲਗਾ ਕੇ ਪੰਜਾਬ ਦੀ ਨੌਜਵਾਨੀ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ, ਇਸ ਨਾਲ ਪੰਜਾਬ ਦੀ ਨੌਜਵਾਨੀ ਜਿੱਥੇ ਰੁਜ਼ਗਾਰ ਪ੍ਰਾਪਤ ਕਰਕੇ ਆਪਣਾ ਪਰਿਵਾਰ ਪਾਲ ਸਕੇਗੀ ਉੱਤੇ ਹੀ ਨਸ਼ਿਆਂ ਵਰਗੇ ਕੋਹੜ ਤੋਂ ਦੂਰ ਹੋ ਕੇ ਪੰਜਾਬ ਨੂੰ ਰੰਗਲਾ ਪੰਜਾਬ ਵੀ ਬਣਾਇਆ ਜਾ ਸਕਦਾ ਹੈ ਤੇ ਪੰਜਾਬ ਨੂੰ ਪੰਜਾਬ ਦੇ ਬਣਦੇ ਹੱਕਾਂ ਤੋਂ ਹਮੇਸ਼ਾ ਵਾਂਝਾ ਰੱਖਿਆ ਗਿਆ।