post

Jasbeer Singh

(Chief Editor)

Punjab

ਰਿਸ਼ਵਤਖੋਰੀ ਦੇ ਮੁਕੰਮਲ ਖ਼ਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਦਾ ਸਹਿਯੋਗ ਜ਼ਰੂਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

post-img

ਰਿਸ਼ਵਤਖੋਰੀ ਦੇ ਮੁਕੰਮਲ ਖ਼ਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਦਾ ਸਹਿਯੋਗ ਜ਼ਰੂਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਰਣਬੀਰ ਕਾਲਜ ’ਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਸੰਗਰੂਰ, 29 ਅਕਤੂਬਰ : ਵਿਜੀਲੈਂਸ ਬਿਊਰੋ ਦੀ ਸੰਗਰੂਰ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਵਰਗੀਆਂ ਅਲਾਮਤਾਂ ਰੋਕਣ ਲਈ ਨਿਰੰਤਰ ਵੱਡੇ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਅਲਾਮਤਾਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਨੂੰ ਇਨ੍ਹਾਂ ਖਿਲਾਫ਼ ਡੱਟ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ । ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨਾਗਰਿਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਪੱਧਰ ‘ਤੇ ਕਿਸੇ ਵੀ ਬੇਨਿਯਮੀ ਸਵੀਕਾਰ ਨਹੀਂ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਜੀਲੈਂਸ ਬਿਊਰੋ ਦੇ ਸਹਿਯੋਗ ਨਾਲ ਸਾਰੇ ਮਹਿਕਮਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਰਿਸ਼ਵਤਖੋਰੀ ਵਰਗੀਆਂ ਅਲਾਮਤਾਂ ਵਿਰੁੱਧ ਲਾਮਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਅਤੇ ਮੁਲਾਜ਼ਮਾਂ ਨੂੰ ਰਿਸ਼ਵਤਖੋਰੀ ਰੋਕਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਵੀ ਸੁਚੇਤ ਕੀਤਾ ਜਾਂਦਾ ਹੈ । ਇਸ ਮੌਕੇ ਬੋਲਦਿਆਂ ਵਿਜੀਲੈਂਸ ਬਿਊਰੋ ਦੀ ਸੰਗਰੂਰ ਯੂਨਿਟ ਦੇ ਐਸ.ਪੀ. ਸਤਪਾਲ ਸ਼ਰਮਾ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ। ਉਨਾਂ ਸੈਮੀਨਾਰ ਦੌਰਾਨ ਅਪੀਲ ਕੀਤੀ ਕਿ ਸਮਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਆਪਣੇ-ਆਪ ’ਚ ਸੁਧਾਰ ਲਿਆਂਦਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਦਾ ਲੈਣ-ਦੇਣ ਨਾ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣ ਦੇ ਨਾਲ-ਨਾਲ ਬਿਨਾ ਮੰਗੇ ਰਿਸ਼ਵਤ ਦੇਣਾ ਵੀ ਇੱਕ ਕਾਨੂੰਨੀ ਅਪਰਾਧ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਪ੍ਰੋ. ਮਿਨਾਕਸ਼ੀ ਮੜਕਨ, ਇੰਸ. ਰਮਨਦੀਪ ਕੌਰ, ਪ੍ਰੋ. ਕੁਲਦੀਪ ਕੁਮਾਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ ।

Related Post