post

Jasbeer Singh

(Chief Editor)

Punjab

ਦੇਸ਼ ਨੂੰ ਜਾਣ-ਬੁੱਝ ਕੇ ਅਣ-ਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹੈ : ਮਾਨ

post-img

ਦੇਸ਼ ਨੂੰ ਜਾਣ-ਬੁੱਝ ਕੇ ਅਣ-ਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹੈ : ਮਾਨ ਸੰਗਰੂਰ, 20 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਭਾਰਤ ਦੇਸ਼ ਨੂੰ ਜਾਣ-ਬੁੱਝ ਕੇ ਅਣ-ਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਹੋਰ ਕੀ ਕੀ ਆਖਿਆ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ `ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣ-ਬੁੱਝ ਕੇ ਅਣ-ਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ । ਮੋਦੀ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਦੇਸ਼ ਦੇ ਭੰਡਾਰਾਂ ਦੀ ਸਥਿਤੀ ਬਾਰੇ ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ `ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਾਧਿਆ ਮੋਦੀ ਦੀ ਗਲਤੀ ਵਿਦੇਸ਼ ਨੀਤੀ ਲਈ ਨਿਸ਼ਾਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ "ਵਿਸ਼ਵ ਗੁਰੂ" ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ "ਵਿਸ਼ਵ ਚੇਲਾ" ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ । ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ `ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ `ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ । ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, "ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ । ਵਿਦੇਸ਼ ਅਤੇ ਆਰਥਿਕ ਨੀਤੀਆਂ ‘ਚ ਅਸਫ਼ਲਤਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ ਵਿਸ਼ਵ ਗੁਰੂ" ਬਣਨ ਦਾ ਮਾਣ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਨੂੰ "ਵਿਸ਼ਵ ਚੇਲਾ" ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲ. ਪੀ. ਜੀ. ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ । ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਅੱਗੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ਵਿੱਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ ਨਹੀਂ ਕੀਤੀ । ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰੇ ਅਤੇ ਉਦਯੋਗਪਤੀਆਂ ਨਾਲ ਨੇੜਤਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ । ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ । ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ । ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ ਕਿਉਂਕਿ ਚੋਣ ਮੋਡ ਵਿੱਚ ਰੁੱਝੇ ਹੋਣ ਕਰਕੇ ਕੇਂਦਰ ਸਰਕਾਰ ਹੁਣੇ -ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ । ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਬੇਬੁਨਿਆਦ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਨਿੰਦਾ ਕੀਤੀ। ਉਨ੍ਹਾਂ ਕਿਹਾ, ‘‘ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਕਿਉਂਕਿ ਉਹ ਸਿਰਫ਼ ਉਨ੍ਹਾਂ ਦੀ ਆਪਣੀ ਪਾਰਟੀ ਦੇ ਬੁਲਾਰੇ ਹਨ ਅਤੇ ਜੋ ਕੁਝ ਉਨ੍ਹਾਂ ਦੀ ਹਾਈ ਕਮਾਂਡ ਉਨ੍ਹਾਂ ਤੋਂ ਕਹਾਉਣਾ ਚਾਹੁੰਦੀ ਹੈ, ਉਹੀ ਕਹਿੰਦੇ ਹਨ।’’ ਕੇਂਦਰੀ ਏਜੰਸਸੀਆਂ ਦੀ ਦੁਰਵਰਤੋਂ ਦੀ ਕੀਤੀ ਨਿਖੇਧੀ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ ।

Related Post

Instagram