
ਅਦਾਲਤ ਨੇ ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਬ੍ਰਿਜ ਭੂਸ਼ਨ ਸਿੰਘ ਖ਼ਿਲਾਫ਼ ਦੋਸ਼ ਆਇਦ ਕੀਤੇ
- by Aaksh News
- May 22, 2024

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਹਨ। ਦੂਜੇ ਪਾਸੇ ਬ੍ਰਿਜ ਭੂਸ਼ਨ ਨੇ ਮਹਿਲਾ ਭਲਵਾਨਾਂ ਵੱਲੋਂ ਲਗਾਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਔਰਤਾਂ ਦੇ ਜਿਨਸੀ ਸ਼ੋਸ਼ਣ, ਧਮਕਾਉਣ ਤੇ ਮਰਿਆਦਾ ਭੰਗ ਕਰਨ ਦੇ ਦੋਸ਼ ਤੈਅ ਕੀਤੇ ਹਨ। ਬ੍ਰਿਜ ਭੂਸ਼ਨ ਨੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਦੇ ਸਾਹਮਣੇ ਦੋਸ਼ਾਂ ਤੋਂ ਇਨਕਾਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਅਤੇ ਸੰਘ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਅਪਰਾਧਿਕ ਧਮਕੀ ਦੇਣ ਦਾ ਦੋਸ਼ ਵੀ ਤੈਅ ਕੀਤਾ ਹੈ। ਉੱਤਰ ਪ੍ਰਦੇਸ਼ ਦੇ ਕੈਸਰਗੰਜ ਤੋਂ ਭਾਜਪਾ ਦੇ ਮੌਜੂਦਾ ਸੰਸਦ ਸਿੰਘ ਨੂੰ ਉਨ੍ਹਾਂ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਪਾਰਟੀ ਨੇ ਲੋਕ ਸਭਾ ਚੋਣ ਲੜਨ ਲਈ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਪਾਰਟੀ ਨੇ ਇਸ ਸੀਟ ਲਈ ਉਸ ਦੇ ਪੁੱਤਰ ਕਰਨ ਭੂਸ਼ਨ ਸਿੰਘ ਨੂੰ ਉਮੀਦਵਾਰ ਬਣਾਇਆ ਹੈ।