ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪਹੁੰਚਿਆ
- by Jasbeer Singh
- August 17, 2024
ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪਹੁੰਚਿਆ ਮਾਲੇਰਕੋਟਲਾ : ਪੰਜਾਬ ਦੇ ਸ਼ਹਿਰ ਮਾਲੇਰਕੋਟਲਾ ਦੇ ਪਿੰਡ ਮਹੌਲੀ ਖੁਰਦ ਦੇ 38 ਸਾਲਾ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ਸਤਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਦੱਸਣਯੋਗ ਹੈ ਕਿ ਉਕਤ ਵਿਅਕਤੀ ਦਾ ਮ੍ਰਿਤਕ ਸਰੀਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਹੀ ਪਹੁੰਚਿਆ ਹੈ। ਮੁਹੰਮਦ ਰਫ਼ੀਕ ਖਾੜੀ ਮੁਲਕਾਂ `ਚ ਕੰਮ ਕਰਨ ਉਪਰੰਤ ਕਰੀਬ ਡੇਢ ਸਾਲ ਪਹਿਲਾਂ ਬਤੌਰ ਲੱਕੜ ਦਾ ਕਾਰੀਗਰ ਦੁਬਈ ਆਇਆ ਸੀ, ਜਿਸ ਦੀ ਬੀਤੀ 19 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਟਰੱਸਟ ਦੇ ਆਗੂ ਸੁਬਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਨ੍ਹਾਂ ਦੀ ਮਲੇਰਕੋਟਲਾ ਨਾਲ ਸੰਬੰਧਿਤ ਟੀਮ ਨੇ ਪੀੜਤ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨਾਲ ਵਾਪਰੇ ਇਸ ਦੁਖਾਂਤ ਬਾਰੇ ਜਾਣਕਾਰੀ ਦਿੱਤੀ ਸੀ। ਮ੍ਰਿਤਕ ਦੇ ਪਰਿਵਾਰ ਨੂੰ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।
