post

Jasbeer Singh

(Chief Editor)

Patiala News

ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖ਼ਤ ਹੋਇਆ ਜ਼ਿਲ੍ਹਾ ਪ੍ਰਸ਼ਾਸਨ

post-img

ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖ਼ਤ ਹੋਇਆ ਜ਼ਿਲ੍ਹਾ ਪ੍ਰਸ਼ਾਸਨ ਵਾਤਾਵਰਣ ਜੁਰਮਾਨਾ ਲਗਾ ਕੇ ਜਮ੍ਹਾਂਬੰਦੀਆਂ ਵਿੱਚ ਕੀਤੇ ਲਾਲ ਇੰਦਰਾਜ: ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੁੜ ਕੀਤੀ ਅਪੀਲ, ਪਰਾਲੀ ਨੂੰ ਸਾੜਨ ਤੋਂ ਕੀਤਾ ਜਾਵੇ ਗੁਰੇਜ਼ ਸੰਗਰੂਰ, 11 ਅਕਤੂਬਰ : ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਜ਼ਿਲ੍ਹਾ ਸੰਗਰੂਰ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਝੋਨੇ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਸਰਗਰਮ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਅੱਜ ਸ਼ਾਮ ਵਿਸਤ੍ਰਿਤ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਫ਼ਸਲ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਸੂਚਨਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਤੋਂ ਪ੍ਰਾਪਤ ਹੋ ਰਹੀ ਹੈ ਜਿਸ ਦੇ ਆਧਾਰ ’ਤੇ ਅਜਿਹੇ ਕੇਸਾਂ ਦੀ ਪੜਤਾਲ ਦੌਰਾਨ ਅੱਗ ਲੱਗਣ ਦੀਆਂ ਘਟਨਵਾਂ ਦੀ ਪੁਸ਼ਟੀ ਹੋਣ ’ਤੇ ਟੀਮਾਂ ਤੁਰੰਤ ਐਕਸ਼ਨ ਲੈ ਰਹੀਆਂ ਹਨ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਜਿਥੇ ਵਾਤਾਵਰਣ ਜੁਰਮਾਨਾ ਲਗਾਇਆ ਜਾ ਰਿਹਾ ਹੈ ਉਥੇ ਹੀ ਜਮ੍ਹਾਂਬੰਦੀਆਂ ਵਿੱਚ ਲਾਲ ਇੰਦਰਾਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਰਾਲੀ ਸਾੜਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਕੇ ਇਨਸਾਨਾਂ, ਪਸ਼ੂ ਪੰਛੀਆਂ ਤੇ ਬਨਸਪਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਬਕਾਇਦਾ ਇਸ ਮਸ਼ੀਨਰੀ ਦੀ ਕਿਸਾਨਾਂ ਤੱਕ ਪਹੁੰਚ ਨੂ ੰਯਕੀਨੀ ਬਣਾਉਣ ਲਈ ਪਿੰਡਾਂ ਦੇ ਕਲੱਸਟਰ ਬਣਾ ਕੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਲਈ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਦੇ ਰਹਿਣ ਲਈ ਜਿਥੇ ਮੋਬਾਇਲਾਂ ਰਾਹੀਂ ਆਡੀਓ ਤੇ ਵੀਡੀਓ ਅਪੀਲ ਸੁਨੇਹੇ ਭੇਜੇ ਜਾ ਰਹੇ ਹਨ ਉਥੇ ਹੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਕੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਨਾਲ ਝੋਨੇ ਦੀ ਖਰੀਦ ਉਪਰੰਤ ਮੋਬਾਇਲ ’ਤੇ ਪ੍ਰਸ਼ਾਸਨਿਕ ਟੀਮਾਂ ਵੱਲੋਂ ਰਾਬਤਾ ਕਰਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਮਾਲ ਵਿਭਾਗ, ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੀਆਂ ਟੀਮਾਂ ਦੇ ਨਾਲ ਨਾਲ ਪੰਚਾਇਤ ਸਕੱਤਰ, ਨੰਬਰਦਾਰ, ਪਟਵਾਰੀ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਵੀ ਲਗਾਤਾਰ ਕਿਸਾਨਾਂ ਤੇ ਉਨਾਂ ਦੇ ਪਰਿਵਾਰਾਂ ਨਾਲ ਤਾਲਮੇਲ ਰੱਖ ਕੇ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰ ਰਹੇ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Post