
ਪੁਲਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ : ਸਰਤਾਜ ਸਿੰਘ ਚਾਹਲ
- by Jasbeer Singh
- October 21, 2025

ਪੁਲਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ : ਸਰਤਾਜ ਸਿੰਘ ਚਾਹਲ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ; ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਦੀਆਂ ਸੁਣੀਆਂ ਮੁਸ਼ਕਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਲਾਈਨ ਵਿਖੇ ਮਨਾਇਆ ਪੁਲਿਸ ਸ਼ਹੀਦੀ ਦਿਵਸ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਵੀ ਸ਼ਰਧਾਂਜਲੀ ਭੇਟ ਸੰਗਰੂਰ, 21 ਅਕਤੂਬਰ 2025: ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ ।ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਚਾਹਲ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ-ਤਿੱਬਤ ਸਰਹੱਦ 'ਤੇ ਗਸ਼ਤ ਦੌਰਾਨ ਚੀਨੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿਸ ਸਬੰਧੀ ਇਹ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਦੇਸ਼ ਵਿੱਚ ਆਪਣੇ ਫਰਜ਼ਾਂ ਦੀ ਪੂਰਤੀ ਹਿਤ ਕਿਤੇ ਵੀ ਸ਼ਹੀਦ ਹੋਣ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾ ਪੁਸ਼ਪ ਅਰਪਿਤ ਕੀਤੇ ਜਾਂਦੇ ਹਨ। ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ, ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਜ਼ਿਲ੍ਹਾ ਪੁਲਿਸ ਮੁਖੀ ਨੇ ਵਿਭਾਗ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲਿਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ । ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਸ ਦੀ ਟੁਕੜੀ ਨੇ ਡੀ. ਐੱਸ. ਪੀ. (ਐਚ) ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਮੌਨ ਵੀ ਰੱਖਿਆ ਗਿਆ । ਡੀ. ਐੱਸ. ਪੀ. (ਦਿੜ੍ਹਬਾ) ਰੁਪਿੰਦਰ ਕੌਰ ਬਾਜਵਾ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਮੌਕੇ ਐਸ. ਪੀ. (ਡੀ) ਦਵਿੰਦਰ ਅੱਤਰੀ, ਐੱਸ. ਪੀ. (ਪੀ. ਬੀ.ਆਈ.) ਨਵਰੀਤ ਸਿੰਘ ਵਿਰਕ, ਐੱਸ. ਪੀ. (ਐਚ) ਰਾਜੇਸ਼ ਛਿੱਬਰ, ਡੀ. ਏ. (ਲੀਗਲ) ਹਰਦੀਪ ਸਿੰਘ ਕਾਹਲੋਂ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ।