post

Jasbeer Singh

(Chief Editor)

Latest update

ਚੰਡੀਗੜ੍ਹ ਵਿੱਚ ਪਾਰਾ 46 ਡਿਗਰੀ ਤੋਂ ਪਾਰ

post-img

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਮੌਸਮ ਨੂੰ ਵੀ ਰਾਜਸਥਾਨ ਦਾ ਰੰਗ ਚੜ੍ਹਨ ਲੱਗ ਪਿਆ ਹੈ। ਇਥੇ ਪਿਛਲੇ ਇਕ ਹਫ਼ਤੇ ਤੋਂ ਲਗਾਤਾਰ ਗਰਮੀ ਵਧਦੀ ਜਾ ਰਹੀ ਹੈ, ਜਿਸ ਕਾਰਨ ਚੰਡੀਗੜ੍ਹੀਆਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 6.1 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 26.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਵੀ ਆਮ ਨਾਲੋਂ 0.8 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਮੌਸਮ ਵਿਗਿਆਨੀਆਂ ਵੱਲੋਂ ਵੀ ਤਾਪਮਾਨ ਵਿੱਚ ਹੋ ਰਹੇ ਵਾਧੇ ’ਤੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ 29 ਮਈ ਲਈ ਰੈੱਡ ਅਤੇ 30 ਮਈ ਲਈ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਤੇ ਮੌਸਮ ਵਿਗਿਆਨੀ ਏਕੇ ਸਿੰਘ ਅਤੇ ਸ਼ਿਵੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਮਈ ਮਹੀਨੇ ਵਿੱਚ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਏਨੇ ਦਿਨ ਤਾਪਮਾਨ ਵੱਧ ਨਹੀਂ ਰਹਿੰਦਾ ਸੀ। ਇਸ ਵਾਰ ਮੌਸਮ ਵਿੱਚ ਪੱਛਮੀ ਵਿਗਾੜ ਦੇ ਐਕਟਿਵ ਨਾ ਹੋਣ ਕਰ ਕੇ ਲਗਾਤਾਰ ਇਕ ਹਫ਼ਤੇ ਤੋਂ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਦੇ ਕਰੀਬ ਚੱਲ ਰਿਹਾ ਹੈ। ਮੌਸਮ ਵਿਗਿਆਨੀ ਨੇ ਗਰਮੀ ਦੇ ਚਲਦਿਆਂ ਲੋਕਾਂ ਨੂੰ ਸਵੇਰੇ 11 ਤੋਂ ਸ਼ਾਮ 5 ਵਜੇ ਤੱਕ ਘਰੋਂ ਲੋੜ ਪੈਣ ’ਤੇ ਹੀ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਹਲਕੇ ਰੰਗ ਦੇ ਕੱਪੜੇ ਪਾਉਣ ਤੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਏਸੀ ਵਿੱਚੋਂ ਨਿਕਲ ਕੇ ਤੁਰੰਤ ਧੁੱਪ ਵਿੱਚ ਜਾਣ ਤੋਂ ਗੁਰੇਜ਼ ਕਰਨ ਦੀ ਵੀ ਸਲਾਹ ਦਿੱਤੀ ਹੈ।

Related Post