
ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਕੇ ਲਾਮਬੰਦ ਕਰਨਾ ਸਭ ਤੋਂ ਮਹੱਤਵਪੂਰਨ ਕਦਮ: ਵਧੀਕ ਡਿਪਟੀ ਕਮਿਸ਼ਨਰ
- by Jasbeer Singh
- August 1, 2024

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਕੇ ਲਾਮਬੰਦ ਕਰਨਾ ਸਭ ਤੋਂ ਮਹੱਤਵਪੂਰਨ ਕਦਮ: ਵਧੀਕ ਡਿਪਟੀ ਕਮਿਸ਼ਨਰ ਨਸ਼ਿਆਂ ਦੇ ਰੋਗ ਨਾਲ ਪੀੜਤ ਵਿਅਕਤੀਆਂ ਦੇ ਸਹੀ ਅਤੇ ਢੁੱਕਵੇਂ ਇਲਾਜ ਲਈ ਪ੍ਰਬੰਧ ਹਰ ਵੇਲੇ ਮੁਕੰਮਲ ਰੱਖਣ ਦੇ ਆਦੇਸ਼ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਸੰਗਰੂਰ, 1 ਅਗਸਤ : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਆਕਾਸ਼ ਬਾਂਸਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕੋਰਡ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਐਸ.ਪੀ. ਸੰਗਰੂਰ ਨਵਰੀਤ ਸਿੰਘ ਵਿਰਕ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਨੂੰ ਇਨ੍ਹਾਂ ਵਿਰੁੱਧ ਲਾਮਬੰਦ ਕਰਨਾ ਸਭ ਤੋਂ ਮਹੱਤਵਪੂਰਨ ਕਦਮ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੇ ਪ੍ਰਵਾਹ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਹਰ ਲੋੜੀਂਦਾ ਕਦਮ ਪੁੱਟਿਆ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਵਿਦਿਆਰਥੀਆਂ ਨੂੰ ਹਰ ਹੀਲੇ ਜਾਣੂ ਕਰਵਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਵਿਕਰੀ ‘ਤੇ ਰੋਕ ਲਾਉਣ ਲਈ ਨਿਰੰਤਰ ਚੌਕਸੀ ਗਤੀਵਿਧੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਿਹੜੀਆਂ ਥਾਵਾਂ ਉੱਪਰ ਨਸ਼ਾ ਵਿਕਣ ਦੀਆਂ ਰਿਪੋਰਟਾਂ ਮਿਲਦੀਆਂ ਹਨ, ਉਨ੍ਹਾਂ ਥਾਵਾਂ ਉੱਪਰ ਸਪੈਸ਼ਲ ਨਾਕਾਬੰਦੀ ਕੀਤੀ ਜਾਵੇ ਅਤੇ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀਆਂ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਏ.ਡੀ.ਸੀ. ਆਕਾਸ਼ ਬਾਂਸਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਰੋਗ ਨਾਲ ਪੀੜਤ ਵਿਅਕਤੀਆਂ ਦੇ ਸਹੀ ਅਤੇ ਢੁੱਕਵੇਂ ਇਲਾਜ ਲਈ ਪ੍ਰਬੰਧ ਹਰ ਵੇਲੇ ਮੁਕੰਮਲ ਰੱਖਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਜਾਂ ਮੁੜ ਵਸੇਬਾ ਕੇਂਦਰਾਂ ਜਾਂ ੳਟ ਕਲੀਨਿਕਾਂ ਵਿੱਚ ਨਸ਼ਾ ਛੱਡਣ ਲਈ ਆਉਣ ਵਾਲੇ ਲੋਕਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਨਸ਼ਾ ਛੱਡਣ ਤੋਂ ਬਾਅਦ ਵੀ ਸਮੇਂ-ਸਮੇਂ ਤੇ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਤੇ ਨਸ਼ਾ ਛੱਡਣ ਲਈ ਆਪਣਾ ਇਲਾਜ ਕਰਵਾਉਣ ਵਾਲਾ ਕੋਈ ਵੀ ਵਿਅਕਤੀ ਬਿਨਾਂ ਡਾਕਟਰੀ ਸਹਾਇਤਾ ਤੋਂ ਵਾਪਸ ਨਹੀਂ ਮੁੜਨਾ ਚਾਹੀਦਾ। ਮੀਟਿੰਗ ਦੌਰਾਨ ਐਸ.ਪੀ. ਨਵਰੀਤ ਸਿੰਘ ਵਿਰਕ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਜੰਗੀ ਪੱਧਰ ਉੱਪਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੋੜੀਂਦਾ ਹੈ ਅਤੇ ਇਸ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਮਾੜੀ ਆਦਤ ਕਾਰਨ ਪੀੜਤ ਹੋ ਚੁੱਕੇ ਲੋਕਾਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ. ਮਨੋਜ ਗੋਰਸੀ, ਡੀ.ਐਸ.ਪੀ. ਮਨਦੀਪ ਸਿੰਘ ਸੰਧੂ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.