ਮਾਲੇਰਕੋਟਲਾ ‘ਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਦਾ ਸਿਲਸਿਲਾ ਲਗਾਤਾਰ ਜਾਰੀ
- by Jasbeer Singh
- March 26, 2026
ਮਾਲੇਰਕੋਟਲਾ ‘ਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਦਾ ਸਿਲਸਿਲਾ ਲਗਾਤਾਰ ਜਾਰੀ ਪੰਜਾਬ ਸਰਕਾਰ ਵਪਾਰ ਲਈ ਸਾਜ਼ਗਾਰ ਮਾਹੌਲ ਬਣਾਉਣ ਲਈ ਵਚਨਬੱਧ : ਚੇਅਰਮੈਨ 27 ਅਤੇ 28 ਮਾਰਚ ਨੂੰ ਹੋਣ ਵਾਲੀਆਂ ਵਪਾਰਿਕ ਮਿਲਣੀਆਂ ਵਿੱਚ ਵਪਾਰੀ ਵੱਧ ਚੜ੍ਹ ਕੇ ਭਾਗ ਲੈਣ : ਅਪੀਲ ਮਾਲੇਰਕੋਟਲਾ, 26 ਮਾਰਚ 2026 : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਣ ਕੇ ਉਨ੍ਹਾਂ ਦਾ ਸਮੇਂ-ਸਿਰ ਹੱਲ ਕਰਨ ਦੇ ਉਦੇਸ਼ ਨਾਲ ਮਾਲੇਰਕੋਟਲਾ ਵਿੱਚ ਵਪਾਰਕ ਵਰਗ ਨਾਲ ਸਿੱਧੀ ਗੱਲਬਾਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸੇ ਕੜੀ ਤਹਿਤ ਪੰਜਾਬ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਚੇਅਰਮੈਨ ਆਜਮ ਦਾਰਾ ਅਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਟਰੇਡਰਜ਼ ਕਮਿਸ਼ਨ ਚੇਅਰਮੈਨ ਇਮਤਾਜ ਅਲੀ ਬਾਬੂ ਦੀ ਅਗਵਾਈ ਹੇਠ ਸਥਾਨਕ ਛੋਟਾ ਬਾਜ਼ਾਰ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨ ਲਈ ਵਿਸ਼ੇਸ਼ ਮੀਟਿੰਗ ਕਰਵਾਈ ਗਈ।ਮੀਟਿੰਗ ਦੌਰਾਨ ਵੱਖ-ਵੱਖ ਵਪਾਰਕ ਸੰਸਥਾਵਾਂ ਅਤੇ ਦੁਕਾਨਦਾਰਾਂ ਦੇ ਨੁਮਾਇੰਦਿਆਂ ਨੇ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਰੱਖੇ । ਇਸ ਮੌਕੇ ਚੇਅਰਮੈਨ ਆਜਮ ਦਾਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਬੂਹੇ ਤੱਕ ਪਹੁੰਚ ਕੇ ਸੁਣਨ ਅਤੇ ਹੱਲ ਕਰਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾ ਕੇ ਉਨ੍ਹਾਂ ਦੇ ਮੁੱਦਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਵਪਾਰੀਆਂ ਦੇ ਮੁੱਦਿਆਂ ਦਾ ਸਮੇਂ-ਸਿਰ ਹੱਲ ਯਕੀਨੀ ਬਣਾਉਣ । ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਬਿਜਲੀ ਦੇ ਖੰਭਿਆਂ, ਬਾਜ਼ਾਰ ਦੀ ਸਾਫ਼-ਸਫਾਈ, ਬਿਜਲੀ ਦੀਆਂ ਤਾਰਾਂ ਅਤੇ ਹੋਰ ਪ੍ਰਸ਼ਾਸਨਿਕ ਸੇਵਾਵਾਂ ਨਾਲ ਸੰਬੰਧਿਤ ਮੁੱਦੇ ਉਠਾਏ ਗਏ। ਮੌਜੂਦ ਅਧਿਕਾਰੀਆਂ ਨੇ ਇਨ੍ਹਾਂ ਮਸਲਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਉਨ੍ਹਾਂ ਦੇ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਦਾ ਭਰੋਸਾ ਦਿਵਾਇਆ । ਇਸ ਮੌਕੇ ਈ. ਟੀ. ਓ. ਸੁਨੀਲ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਮੌਕੇ ‘ਤੇ ਹੱਲ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਮਿਤੀ 27 ਮਾਰਚ ਦਿਨ ਸ਼ੁੱਕਰਵਾਰ ਨੂੰ ਸ਼ਾਮ 05:00 ਵਜੇ ਸਦਰ ਬਾਜ਼ਾਰ ਅਤੇ ਮਿਤੀ 28 ਮਾਰਚ ਦਿਨ ਸ਼ਨੀਵਾਰ ਨੂੰ ਸ਼ਾਮ 05:00 ਵਜੇ ਸਥਾਨਕ ਜਰਗ ਚੌਕ ਵਿਸ਼ੇਸ਼ ਵਪਾਰਿਕ ਮਿਲਣੀ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਉਨ੍ਹਾਂ ਸਮੂਹ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੀਟਿੰਗਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ । ਇਸ ਮੌਕੇ ਕਮਿਸ਼ਨ ਦੇ ਮੈਂਬਰ ਬਰ ਆਦਿਲ, ਮੁਹੰਮਦ ਖਲੀਦ, ਮੁਹੰਮਦ ਇਕਰਮ, ਰਣਜੀਤ ਸ਼ਰਮਾ, ਮੁਹੰਮਦ ਸ਼ਕੀਲ, ਹਰੀਸ਼ ਪੱਸੀ, ਮੁਹੰਮਦ ਇਕਬਾਲ, ਮੁਹੰਮਦ ਸਦੀਕ, ਨਾਇਰ ਜੁਬੈਰੀ, ਮੁਹੰਮਦ ਯਾਸੀਨ ਜੋਸ਼, ਐਸ. ਆਈ. ਪੀ. ਓ. ਕਰਨਦੀਪ ਸਿੰਘ, ਲੇਬਰ ਇੰਸਪੈਕਟਰ ਹਿਮਾਂਸ਼ੂ ਬਾਂਸਲ, ਐਸ. ਈ. ਪੀ. ਓ. ਗੁਰਪ੍ਰੀਤ ਸਿੰਘ, ਐਸ. ਡੀ. ਓ. ਮੋਹਿਤ ਕੁਮਾਰ ਟੁਟੇਜਾ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਜਸਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ ।
