
ਪੰਜਾਬ ਸਰਕਾਰ ਵੱਲੋਂ ਝੋਨੇ ਲੁਵਾਈ ਦੋ ਗੇੜਾਂ ’ਚ 11 ਅਤੇ 15 ਜੂਨ ਤੋਂ ਸ਼ੁਰੂ ਕਰਾਉਣ ਦਾ ਫ਼ੈਸਲਾ
- by Aaksh News
- May 13, 2024

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲੁਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰ ਵਿੱਚ 11 ਜੂਨ ਤੋਂ ਝੋਨਾ ਲਾਉਣ ਦੀ ਆਗਿਆ ਦਿੱਤੀ ਗਈ ਹੈ, ਜਦੋਂ ਕਿ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨਾ ਲਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਦੇ ਵਿਸ਼ੇਸ ਮੁੱਖ ਸਕੱਤਰ ਵੱਲੋਂ ਇਸ ਦੀ ਸੂਚਨਾ ਚੀਫ਼ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਪਟਿਆਲਾ, ਪੰਜਾਬ ਰਾਜ ਦੇ ਸਾਰੇ ਡਿਪਟੀ ਕਮਿਸ਼ਨਰ, ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਮੇਤ ਰਾਜ ਦੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।