post

Jasbeer Singh

(Chief Editor)

Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਹੋਈ ਸ਼ੁਰੂ

post-img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਹੋਈ ਸ਼ੁਰੂ ਅੰਮਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਬਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਸ਼ੁਰੂ ਹੋ ਗਏ ਹਨ । ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਇਹ ਸੇਵਾ ਨਿਸ਼ਕਾਮ ਰੂਪ ਵਿਚ ਕੀਤੀ ਜਾਂਦੀ ਹੈ । ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਸੇਵਾਦਾਰ ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ ।

Related Post