

ਪੁੱਤਰ ਕੀਤਾ ਪਿਤਾ ਦਾ ਕਤਲ ਬਠਿੰਡਾ :ਪੰਜਾਬ ਦੇ ਸ਼ਹਿਰ ਬਠਿੰਡਾ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਮੁਲਜ਼ਮ ਪੁੱਤਰ ਨੇ ਆਪਣੇ ਪਿਤਾ ਉੱਤੇ ਕਹੀ ਨਾਲ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਸੌਂ ਰਿਹਾ ਸੀ।ਪੁਲਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਸੋਮਵਾਰ ਦੇਰ ਰਾਤ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਬੇਟੇ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਤੋਂ ਗੁੱਸੇ `ਚ ਆ ਕੇ ਪਰਮਿੰਦਰ ਸਿੰਘ ਦੇ ਪੁੱਤਰ ਸੁਖਦੀਪ ਸਿੰਘ ਨੇ ਗੂੜ੍ਹੀ ਨੀਂਦ ਸੁੱਤੇ ਪਏ ਪਰਮਿੰਦਰ `ਤੇ ਕਹੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਮੰਗਲਵਾਰ ਸਵੇਰੇ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੁਲਜ਼ਮ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।