post

Jasbeer Singh

(Chief Editor)

Punjab

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

post-img

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਸਾਰੇ ਡੀਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 25 ਫਰਵਰੀ : ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਤੇ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ । ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਕੇ. ਏ. ਪੀ. ਸਿਨਹਾ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ । ਆਪਣੇ ਪੱਤਰ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਕਿਹਾ ਹੈ । ਸ੍ਰੀ ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਤਾਕੀਦ ਕੀਤੀ ਹੈ ਕਿ ਸਾਰੇ ਮੁੜ ਵਸੇਬਾ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੋੜੀਂਦੇ ਉਪਕਰਨਾਂ ਅਤੇ ਦਵਾਈਆਂ, ਜਿਸ ਵਿੱਚ ਬੁਪ੍ਰੇਨੋਰਫਾਈਨ , ਟੈਸਟਿੰਗ ਕਿੱਟਾਂ, ਲੋੜੀਂਦਾ ਸਟਾਫ ਆਦਿ ਸ਼ਾਮਲ ਹਨ, ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ । ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਹਨ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਤਿਆਰੀਆਂ ਜੰਗੀ ਪੱਧਰ ’ਤੇ ਕੀਤੀਆਂ ਜਾਣ ਅਤੇ ਹਰੇਕ ਡਿਪਟੀ ਕਮਿਸ਼ਨਰ ਆਉਣ ਵਾਲੇ ਦਿਨਾਂ ਵਿੱਚ ਇੱਕ ਪੁਖਤਾ ਯੋਜਨਾ ਦੇ ਨਾਲ ਤਿਆਰ ਰਹੇ । ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰ ਇਸ ਤਿਆਰੀ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਲਾਪਰਵਾਹੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਉਹ ਇਸ ਸਾਰੀ ਕਵਾਇਦ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ । ਇਸ ਦੌਰਾਨ ਆਈ. ਏ. ਐਸ. ਅਧਿਕਾਰੀ ਸੰਦੀਪ ਕੁਮਾਰ ਇਸ ਸਾਰੇ ਕੇਂਦਰਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਦੀ ਸਿੱਧੇ ਤੌਰ ’ਤੇ ਰਿਪੋਰਟ ਕਰਨਗੇ ।

Related Post