
ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ
- by Jasbeer Singh
- December 24, 2024

ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ ਚੰਡੀਗੜ੍ਹ : ਭਾਜਪਾ ਤੇ ਕਾਂਗਰਸ ਦੇ ਗਠਜੋੜ ਦੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਨੇ ਐਕਸ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁਧ ਹੈ। ਚਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।ਦੱਸਣਯੋਗ ਹੈ ਕਿ ਲੁਧਿਆਣਾ ਦੇ ਕੇਂਦਰੀ ਹਲਕੇ ਤੋਂ ਭਾਜਪਾ ਉਮੀਦਵਾਰ ਗੁਰਦੀਪ ਸਿੰਘ ਨੀਟੂ ਵਿਰੁਧ ਦਰਜ ਸ਼ਰਾਬ ਵੰਡ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਵਿਚ ਗੁੱਸਾ ਸੀ । ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਿਚਾਲੇ ਤਿੱਖੀ ਬਹਿਸ ਹੋਈ ਸੀ । ਇਸ ਤੋਂ ਬਾਅਦ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਗੁਰਦੀਪ ਸਿੰਘ ਨੀਟੂ ਖ਼ਿਲਾਫ਼ ਦਰਜ ਕੀਤੇ ਗਏ ਸ਼ਰਾਬ ਵੰਡ ਦੇ ਮਾਮਲੇ ’ਤੇ ਸਵਾਲ ਉਠਾਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਦੀਆਂ ਚੋਣਾਂ ਸਹੀ ਢੰਗ ਨਾਲ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਭਾਜਪਾ ਵਰਕਰਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।