ਗੱਦਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਤਿੰਨ ਦੀ ਮੌਤ ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੇ ਡੱਬਵਾਲੀ ਰੋਡ ’ਤੇ ਪਿੰਡ ਗਹਿਰੀ ਬੁੱਟਰ ਵਿਖੇ ਗੱਦੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਕਾਰਨ ਤਿੰਨ ਮਜ਼ਦੁਰਾਂ ਦੀ ਮੌਤ ਹੋ ਗਈ। ਅੱਗ ਲੱਗਣ ਤੇ ਉਠੀਆਂ ਭਿਆਨਕ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਉਕਤ ਹਾਦਸਾ ਵਾਪਰਨ ਤੇ ਸੂਚਨਾ ਮਿਲਦਿਆਂ ਹੀ ਅੱਗ ਬੁਝਾਉਣ ਲਈ ਬਠਿੰਡਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆ।ਫੈਕਟਰੀ ਵਿੱਚ ਹੀ ਕੰਮ ਕਰਨ ਵਾਲੇ ਬਲਕਾਰ ਸਿੰਘ ਨੇ ਦੱਸਿਆ ਕਿ ਉਹ 5 ਜਾਣੇ ਰੈਂਪ ਲਗਾ ਰਹੇ ਸਨ ਇਸ ਦੌਰਾਨ ਹੀ ਭਿਆਨਕ ਅੱਗ ਲੱਗ ਗਈ ਅਤੇ ਉਹ 2 ਜਾਣੇ ਫੈਕਟਰੀ ਵਿੱਚੋਂ ਭੱਜ ਕੇ ਬਾਹਰ ਆ ਗਏ ਜਦੋਂ ਕਿ ਉਹਨਾਂ ਦੇ ਤਿੰਨ ਸਾਥੀ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਦਾ ਕੋਈ ਪਤਾ ਨਹੀਂ ਚੱਲਿਆ। ਅੱਗ ਇਨੀ ਤੇਜ਼ੀ ਨਾਲ ਫੈਲੀ ਕਿ ਉਸਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਉਧਰ ਅੱਗ ਦੀ ਘਟਨਾ ਦਾ ਪਤਾ ਚਲਦੇ ਹੀ ਮੌਕੇ ’ਤੇ ਪਹੁੰਚੇ ਏਡੀਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਹੋਰ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ ਸਨ। ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ, ਪਰੰਤੂ ਇਸ ਘਟਨਾ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋਈ ਹੈ ਜਿਨ੍ਹਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਅੱਗ ਕਿਸ ਤਰ੍ਹਾਂ ਲੱਗੀ। ਉਹਨਾਂ ਦੱਸਿਆ ਕਿ ਉਹ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾਵੇਗੀ।
