ਫਿਰੋਜ਼ਪੁਰ :ਫਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਬਾਹਰ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਤਿੰਨ ਲੋਕਾਂ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਆਏ ਹਮਲਾਵਰਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕਾਂ ਵਿਚ ਇਕ ਲੜਕੀ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਕੰਬੋਜ ਨਗਰ ਦੇ ਦਿਲਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਜਸਪ੍ਰੀਤ ਕੌਰ ਵਜੋਂ ਹੋਈ ਹੈ। ਇਸ ਵਾਰਦਾਤ ਵਿਚ ਕਾਰ ਸਵਾਰ ਦੋ ਹੋਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇਕ ਮਹੀਨੇ ਬਾਅਦ ਵਿਆਹ ਸੀ, ਜਿਸ ਦੇ ਚੱਲਦੇ ਪਰਿਵਾਰ ਵਲੋਂ ਖਰੀਦਦਾਰੀ ਕੀਤੀ ਜਾ ਰਹੀ ਸੀ। ਗੋਲ਼ੀ ਲੱਗਣ ਕਾਰਣ ਮੌਕੇ 'ਤੇ ਹੀ ਕੁੜੀ ਦੀ ਮੌਤ ਹੋ ਗਈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿਚ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਨੇ ਸਾਰੇ ਸ਼ਹਿਰ ਦੀ ਨਾਕਾਬੰਦੀ ਕਰ ਦਿੱਤੀ ਹੈ। ਕਾਤਲਾਂ ਦੀ ਪਛਾਣ ਲਈ ਪੁਲਸ ਵਲੋਂ ਨੇੜੇ ਲੱਗੇ ਸੀ. ਸੀ. ਟੀ. ਵੀ. ਖੰਘਾਲੇ ਜਾ ਰਹੇ ਹਨ।ਫਿਲਹਾਲ ਵਾਰਦਾਤ ਤੋਂ ਬਾਅਦ ਸਾਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਇਹ ਵੀ ਪਤਾ ਹੈ ਕਿ ਜਿਸ ਲਵਪ੍ਰੀਤ ਸਿੰਘ ਨਾਮਕ ਨੌਜਵਾਨ ਦਾ ਕਤਲ ਹੋਇਆ ਹੈ, ਉਹ ਪਹਿਲਾਂ ਹੀ ਕਈ ਅਪਰਾਧਕ ਵਾਰਦਾਤਾਂ ਵਿਚ ਸ਼ਾਮਲ ਸੀ ਅਤੇ ਉਸ ਤੇ ਦੋ ਕਤਲਾਂ ਦੇ ਵੱਖ-ਵੱਖ ਮਾਮਲੇ ਦਰਜ ਸਨ।
