post

Jasbeer Singh

(Chief Editor)

Patiala News

ਕੇਂਦਰ ਸਰਕਾਰ ਵਲੋਂ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਪੁਲਸ ਕਰਮਚਾਰੀਆਂ ਨੂੰ ਸਨਮਾਨਤ ਕਰਨ ਦਾ

post-img

ਕੇਂਦਰ ਸਰਕਾਰ ਵਲੋਂ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਪੁਲਸ ਕਰਮਚਾਰੀਆਂ ਨੂੰ ਸਨਮਾਨਤ ਕਰਨ ਦਾ ਐਸ. ਕੇ. ਐਮ. ਤੇ ਕੇ. ਐਮ. ਐਮ. ਦੀ ਅਗਵਾਈ ਹੇਠ ਫੂਕੇ ਗਏ ਦੇਸ਼ ਭਰ ਵਿਚ ਕੇਂਦਰ ਸਰਕਾਰ ਦੇ ਪੁਤਲੇ ਪਟਿਆਲਾ,1 ਅਗਸਤ ()-ਆਪਣੇ ਹੱਕਾਂ ਲਈ ਦਿੱਲੀ ਜਾ ਕੇ ਸੰਘਰਸ਼ ਕਰਨ ਲਈ ਪੱਬਾਂ ਭਾਰ ਕਿਸਾਨ ਭਰਾਵਾਂ ਨੰੂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਰੋਕ ਕੇ ਉਨ੍ਹਾਂ ’ਤੇ ਤਸ਼ੱਦਦ ਢਾਹੁਣ ਵਾਲੇ ਪੁਲਸ ਕਰਮਚਾਰੀਆਂ, ਅਧਿਕਾਰੀਆਂ ਨੂੰ ਕੇਂਦਰ ਸਰਕਾਰ ਵਲੋਂ ਸਨਮਾਨਤ ਕਰਨ ਦੇ ਰੋਸ ਵਜੋਂ ਅੱਜ ਸਮੁੱਚੇ ਭਾਰਤ ਵਿਚ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਫੂਕੇ ਗਏ ਕੇਂਦਰ ਵਿਚ ਮੌਜੂਦ ਭਾਰਤੀ ਜਨਤਾ ਪਾਰਟੀ ਦੇ ਫੂਕੇ ਗਏ ਪੁਤਲਿਆਂ ਅਤੇ ਕੀਤੇ ਗਏ ਅਰਥੀ ਫੂਕ ਮੁਜਾਹਰਿਆਂ ਦੀ ਲੜੀ ਤਹਿਤ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਵੀ ਮਿੰਨੀ ਸਕੱਤਰੇਤ ਦੇ ਬਾਹਰ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਦੱਸਿਆ ਕਿ ਦੇਸ਼ ਦੇ ਨਾਗਰਿਕਾਂ ’ਤੇ ਜੁਲਮ ਕਰਨ ਵਾਲੇ ਅਤੇ ਨਿਹੱਥੇ ਲੋਕਾਂ ਦੇ ਕਾਤਲ ਅਫਸਰਾਂ ਦੇ ਨਾਮ ਰਾਸ਼ਟਰਪਤੀ ਐਵਾਰਡ ਲਈ ਸਿਫਾਰਿਸ਼ ਕਰਨ ਦਾ ਮਾੜਾ ਕਾਰਾ ਕਰਕੇ ਭਾਰਤੀ ਜਨਤਾ ਪਾਰਟੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਭਾਰਤ ਅਜਿਹਾ ਪਹਿਲਾ ਦੇਸ਼ ਬਣ ਗਿਆ ਹੈ ਜਿਸ ਵਲੋਂ ਆਪਣੇ ਹੀ ਦੇਸ਼ ਦੇ ਬੇਕਸੂਰ ਨਿਹੱਥੇ ਲੋਕਾਂ ਦੇ ਕਾਤਲ ਅਫਸਰਾਂ ਨੂੰ ਸਨਮਾਨਤ ਕੀਤਾ ਜਾਂਦਾ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਲੋਕਤਾਂਤਰਿਕ ਦੇਸ਼ ਵਿੱਚ ਉਸ ਦੇਸ਼ ਦਾ ਸੰਵਿਧਾਨ ਲੋਕਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ ਪ੍ਰੰਤੂ ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਨੂੰ ਜਾ ਰਹੇ ਆਪਣੇ ਹੀ ਦੇਸ਼ ਦੇ ਨਾਗਰਿਕਾਂ ’ਤੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ 13,14 ਅਤੇ 21 ਫਰਵਰੀ ਨੂੰ ਅਣਮਨੁੱਖੀ ਅੱਤਿਆਚਾਰ ਕਰਦਿਆਂ ਉਹਨਾਂ ਕੈਮੀਕਲ ਵਾਲੇ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ ਜਿਨ੍ਹਾਂ ਦੇ ਇਸਤੇਮਾਲ ਦੀ ਇਜਾਜ਼ਤ ਕੋਈ ਵੀ ਅੰਤਰਰਾਸ਼ਟਰੀ ਕਾਨੂੰਨ ਨਹੀਂ ਦਿੰਦਾ ਹੈ। ਕਿਸਾਨ ਆਗੂਆਂ ਆਖਿਆ ਕਿ ਭਾਜਪਾ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੇ ਨਾਗਰਿਕਾਂ ਉੱਪਰ ਇਸਤੇਮਾਲ ਕੀਤੇ ਗਏ ਉਹਨਾਂ ਮਾਰੂ ਹਥਿਆਰਾਂ ਨੇ ਅਣਗਿਣਤ ਲੋਕਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਅਤੇ ਕਿੰਨੇ ਹੀ ਨੌਜਵਾਨਾਂ ਅਤੇ ਬਜ਼ੁਰਗਾਂ ਦੀ ਅੱਖਾਂ ਦੀ ਰੌਸ਼ਨੀ ਖੋਹ ਲਈ ਅਤੇ ਹਰਿਆਣਾ ਸਰਕਾਰ ਦੀ ਸ਼ਹਿ ਉੱਪਰ ਉਹਨਾਂ ਪੁਲਸ ਵਾਲਿਆਂ ਵੱਲੋਂ ਪਿ੍ਰਤਪਾਲ ਸਿੰਘ ਨੂੰ ਬੋਰੀ ਵਿੱਚ ਪਾ ਕੇ ਉਸ ਉੱਪਰ ਅਣਮਨੁੱਖੀ ਤਸ਼ੱਦਦ ਕਰਦੇ ਹੋਏ ਉਸ ਦੇ ਸਰੀਰ ਦੀ ਇੱਕ ਇੱਕ ਹੱਡੀ ਤੋੜ ਦਿੱਤੀ ਅਤੇ ਸ਼ੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਹਰਿਆਣਾ ਦੀ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੇ ਨਾਗਰਿਕਾਂ ਉੱਪਰ ਜ਼ੁਲਮ ਕਰਨ ਅਤੇ ਆਪਣੇ ਹੀ ਦੇਸ਼ ਦੇ ਨੌਜਵਾਨ ਦਾ ਕਤਲ ਕਰਨ ਦੇ ਕਾਰਨ ਸਨਮਾਨਿਤ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸੇ ਵੀ ਲੋਕ ਤਾਂਤਰਿਕ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਕਿ ਕਿਸੇ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਹੋਈਆਂ ਮੰਗਾਂ ਦਾ ਸਰਕਾਰ ਨੂੰ ਵਾਅਦਾ ਯਾਦ ਕਰਵਾਉਣ ਲਈ ਆਪਣੇ ਦੇਸ਼ ਦੀ ਰਾਜਧਾਨੀ ਨੂੰ ਜਾ ਰਹੇ ਬੇਕਸੂਰ ਨਿਹੱਥੇ ਨਾਗਰਿਕਾਂ ਉੱਪਰ ਜੁਲਮ ਕਰਨ ਵਾਲੇ ਕਾਤਲ ਅਫਸਰਾਂ ਦੇ ਨਾਮ ਕਿਸੇ ਸਰਕਾਰ ਵੱਲੋਂ ਰਾਸ਼ਟਰਪਤੀ ਅਵਾਰਡ ਲਈ ਸਿਫਾਰਿਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੰਗ੍ਰੇਜ਼ੀ ਰਾਜ ਸਮੇਂ ਜਦੋ ਜਿਲ੍ਹਿਆਂ ਵਾਲੇ ਬਾਗ ਵਿਖੇ ਜਨਰਲ ਡਾਇਰ ਵੱਲੋਂ ਨਿਹੱਥੇ ਬੇਕਸੂਰ ਲੋਕਾਂ ਦਾ ਕਤਲੇਆਮ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਅੰਗ੍ਰੇਜ਼ੀ ਹਕੂਮਤ ਵੱਲੋਂ ਜਨਰਲ ਡਾਇਰ ਨੂੰ ਤਰੱਕੀ ਨਾਂ ਦੇ ਕੇ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ ਪ੍ਰੰਤੂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਭਾਰਤ ਵਿੱਚ ਭਾਜਪਾ ਸਰਕਾਰ ਵੱਲੋਂ ਲੋਕਤੰਤਰ ਅਤੇ ਸੰਵਿਧਾਨ ਦਾ ਘਾਣ ਕਰਦੇ ਹੋਏ ਆਪਣੇ ਹੀ ਦੇਸ਼ ਦੇ ਨਾਗਰਿਕਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀ ਕਾਤਲ ਪੁਲਸ ਅਫਸਰਾਂ ਨੂੰ ਸਜ਼ਾ ਦੇਣ ਦੀ ਬਜਾਏ ਉਹਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਇਸ ਮੁੱਦੇ ਉੱਪਰ ਸੂ ਮੋਟੋ ਨੋਟਿਸ ਲੈਂਦੇ ਹੋਏ ਜੁਡੀਸ਼ੀਅਲੀ ਜਾਂਚ ਕਰਵਾਈ ਜਾਵੇ ਕਿਉਂਕਿ ਜਿੰਨਾ ਹਰਿਆਣਾ ਸਰਕਾਰ ਦੇ ਪੁਲਸ ਮੁਲਾਜ਼ਮਾਂ ਵੱਲੋਂ ਲੋਕਾਂ ਉੱਪਰ ਅਣਮਨੁੱਖੀ ਅੱਤਿਆਚਾਰ ਕੀਤਾ ਗਿਆ ਹੈ ਅਤੇ ਸ਼ੁਭਕਰਨ ਸਿੰਘ ਨੂੰ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ ਉਹਨਾਂ ਹਰਿਆਣਾ ਪੁਲਸ ਦੇ ਮੁਲਾਜ਼ਮਾਂ ਕੋਲੋਂ ਇਨਸਾਫ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਇਸ ਲਈ ਸੁਪਰੀਮ ਕੋਰਟ ਖੁਦ ਆਪਣੀ ਨਿਗਰਾਨੀ ਹੇਠ ਜੁਡੀਸ਼ੀਅਲੀ ਜਾਂਚ ਕਰਵਾ ਕੇ ਮਨੁੱਖੀ ਜਿੰਦਗੀਆਂ ਦਾ ਘਾਣ ਕਰਨ ਵਾਲੇ ਅਤੇ ਕੈਮੀਕਲ ਵਾਲੇ ਹਥਿਆਰਾਂ ਦਾ ਇਸਤੇਮਾਲ ਕਰਕੇ ਅਨੇਕਾਂ ਹੀ ਕਿਸਾਨਾਂ ਮਜ਼ਦੂਰਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਹਰਿਆਣਾ ਪੁਲਸ ਦੇ ਜਿੰਮੇਵਾਰ ਪੁਲਸ ਮੁਲਾਜ਼ਮਾਂ ਨੂੰ ਸਜ਼ਾ ਦਿਵਾਉਣ। ਕਿਸਾਨ ਆਗੂਆਂ ਨੇ ਦੱਸਿਆ ਕਿ ਮੋਰਚੇ ਵੱਲੋਂ 15 ਅਗਸਤ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਆਜ਼ਾਦੀ ਖੋਹਣ ਲਈ ਲਿਆਂਦੇ ਗਏ ਤਿੰਨ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ 31 ਅਗਸਤ ਨੂੰ ਬਾਰਡਰਾਂ ਉੱਪਰ ਮੋਰਚੇ ਦੇ 200 ਦਿਨ ਪੂਰੇ ਹੋਣ ਤੇ ਵੱਡੇ ਇਕੱਠ ਕੀਤੇ ਜਾਣਗੇ ਅਤੇ 1 ਸਤੰਬਰ ਤੋਂ ਲੈ ਕੇ 22 ਸਤੰਬਰ ਤੱਕ ਯੂਪੀ ਅਤੇ ਹਰਿਆਣਾ ਵਿੱਚ ਮੋਰਚੇ ਨੂੰ ਮਜਬੂਤ ਕਰਨ ਵੱਡੀਆਂ ਕਿਸਾਨ ਮਹਾਂ ਪੰਚਾਇਤਾਂ ਕੀਤੀਆਂ ਜਾਣਗੀਆਂ।

Related Post