post

Jasbeer Singh

(Chief Editor)

Punjab

ਪੁਲਿਸ ਲਾਈਨ ਸੰਗਰੂਰ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

post-img

ਪੁਲਿਸ ਲਾਈਨ ਸੰਗਰੂਰ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ‘ਚ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਦਿੱਤੀ ਸ਼ਰਧਾਂਜਲੀ ਸੰਗਰੂਰ, 21 ਅਕਤੂਬਰ : ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ । ਇਸ ਮੌਕੇ ਸੋਗ ਪਰੇਡ ਦਿਵਸ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਦੌਰਾਨ ਪੁਲਿਸ ਦੀ ਪਰੇਡ ਟੁਕੜੀ ਵੱਲੋਂ ਹਥਿਆਰ ਝੁਕਾ ਕੇ ਸ਼ਹੀਦਾਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ । ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀ ਸਰਵਉਚ ਕੁਰਬਾਨੀ ਪ੍ਰਤੀ ਸਤਿਕਾਰ ਸਹਿਤ ਸਿਰ ਝੁਕਾਉਂਦੇ ਹਾਂ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਾਂ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਸਾਡੇ ਸੂਰਵੀਰਾਂ ਨੇ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਸੀ.ਆਰ.ਪੀ.ਐਫ ਦੇ 10 ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ, ਜਿਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੇਸ਼ ਭਰ ਵਿੱਚ ਅੱਜ ਦੇ ਦਿਨ ਨੂੰ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਐੱਸ.ਐੱਸ.ਪੀ. ਚਾਹਲ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਦੁੱਖ-ਸੁੱਖ ਦੀ ਹਰ ਘੜੀ ਵਿੱਚ ਉਨ੍ਹਾਂ ਦੇ ਨਾਲ ਖੜਾ ਹੈ। ਸ਼ਹੀਦੀ ਸਮਾਗਮ ਦੌਰਾਨ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਢੁਕਵੇਂ ਹੱਲ ਦੇ ਆਦੇਸ਼ ਦਿੱਤੇ ਗਏ । ਇਸ ਤੋਂ ਪਹਿਲਾਂ ਡੀ.ਐਸ.ਪੀ ਰੁਪਿੰਦਰ ਕੌਰ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਉਨ੍ਹਾਂ ਸ਼ਹੀਦ ਜਵਾਨਾਂ ਦੇ ਨਾਮ ਪੜ੍ਹ ਕੇ ਸੁਣਾਏ, ਜਿਨ੍ਹਾਂ ਨੇ ਬੀਤੇ ਸਾਲ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ । ਇਸ ਮੌਕੇ ਏ.ਡੀ.ਸੀ. (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ ਪੀ ਨਵਰੀਤ ਸਿੰਘ ਵਿਰਕ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਅਤੇ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ।

Related Post