

ਆਈ. ਐਸ. ਆਈ. ਨੂੰ ਫੌਜੀ ਜਾਣਕਾਰੀ ਭੇਜਣ ਦੇ ਦੋਸ਼ ਹੇਠ ਦੋ ਪਕੜੇ ਗੁਰਦਾਸਪੁਰ, 19 ਮਈ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੀ ਪੁਲਸ ਨੇ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਖੇ ਬਣੀ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐਸ. ਆਈ. ਨੂੰ ਫੌਜੀ ਜਾਣਕਾਰੀ ਭੇਜਣ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਿਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਸ਼ਾਮਲ ਹਨ। ਦੱਸਣਯੋਗ ਹੈ ਕਿ ਇਨ੍ਹਾਂ ‘ਚ ਕਰਨਬੀਰ ਚੰਦੂਵਡਾਲਾ ਦਾ ਰਹਿਣ ਵਾਲਾ ਹੈ। ਪੁਲਸ ਨੇ ਮੁਲਜ਼ਮਾਂ ਤੋਂ 1 ਲੱਖ ਰੁਪਏ, 3 ਮੋਬਾਈਲ ਅਤੇ 30 ਬੋਰ ਦੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਪੁਲਸ ਮੁਤਾਬਕ ਮੋਬਾਈਲ ਦੀ ਫੋਰੈਂਸਿਕ ਜਾਂਚ ਨੇ ਪੁਸ਼ਟੀ ਕੀਤੀ ਹੈ ਕਿ ਮੁਲਜ਼ਮਾਂ ਆਈ. ਐਸ. ਆਈ. ਹੈਂਡਲਰਾਂ ਨਾਲ ਸਿੱਧੇ ਸੰਪਰਕ ‘ਚ ਸਨ। ਉਨ੍ਹਾਂ ਨੇ ਭਾਰਤੀ ਹਥਿਆਰਬੰਦ ਫੌਜਾਂ ਦੀ ਮਹੱਤਵਪੂਰਨ ਜਾਣਕਾਰੀ ਪਾਕਿਸਤਾਨ ਨੂੰ ਭੇਜੀ ਸੀ । ਕੀ ਆਖਦੇ ਹਨ ਡੀ. ਆਈ. ਜੀ. ਬਾਰਡਰ ਰੇਂਜ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ (ਡੀ. ਆਈ. ਜੀ.) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਆਖਿਆ ਹੈ ਕਿ ਫੌਜ ਸਬੰਧੀ ਬਹੁਤ ਹੀ ਖੂਫੀਆ ਜਾਣਕਾਰੀ ਦੱਸਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਸਿ਼ਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਦੋਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ । ਪੁਲਸ ਮੁਤਾਬਕ ਫੜੇ ਗਏ ਦੋਹਾਂ ਵਿਅਕਤੀਆਂ ਦੇ ਮੋਬਾਇਲ ਦੀ ਫੋਰੈਂਸਿਕ ਜਾਂਚ ਨੇ ਖੂਫੀਆ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ ।