ਪ੍ਰੋਜੈਕਟ ਜੀਵਨਜੋਤ 2.0 ਤਹਿਤ ਭੀਖ ਮੰਗ ਰਹੇ ਦੋ ਨਾਬਾਲਿਗ ਬੱਚਿਆਂ ਨੂੰ ਕੀਤਾ ਗਿਆ ਰੈਸਕਿਊ
- by Jasbeer Singh
- January 10, 2026
ਪ੍ਰੋਜੈਕਟ ਜੀਵਨਜੋਤ 2.0 ਤਹਿਤ ਭੀਖ ਮੰਗ ਰਹੇ ਦੋ ਨਾਬਾਲਿਗ ਬੱਚਿਆਂ ਨੂੰ ਕੀਤਾ ਗਿਆ ਰੈਸਕਿਊ ਮਾਲੇਰਕੋਟਲਾ, 10 ਜਨਵਰੀ 2026 : ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਅਤੇ ਹਰ ਕਿਸਮ ਦੇ ਸ਼ੋਸ਼ਣ ਤੋਂ ਬਚਾਉਣ ਲਈ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਚਾਈਲਡ ਪ੍ਰੋਟੈਕਸ਼ਨ ਯੂਨਿਟ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵੱਲੋਂ ਬਾਬਾ ਹੈਦਰ ਸ਼ੇਖ ਦੀ ਦਰਗਾਹ ਦੇ ਨੇੜਲੇ ਖੇਤਰ ਵਿੱਚ ਚੈਕਿੰਗ ਕੀਤੀ ਗਈ । ਬਾਲ ਸੁਰੱਖਿਆ ਅਫ਼ਸਰ ਮੂਬੀਨ ਕੁਰੇਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਦਰਗਾਹ ਦੇ ਨੇੜੇ ਦੋ ਨਾਬਾਲਿਗ ਬੱਚੇ ਭੀਖ ਮੰਗਦੇ ਹੋਏ ਪਾਏ ਗਏ, ਜਿਨ੍ਹਾਂ ਨੂੰ ਤੁਰੰਤ ਕਾਰਵਾਈ ਕਰਦਿਆਂ ਸੁਰੱਖਿਅਤ ਰੈਸਕਿਊ ਕੀਤਾ ਗਿਆ। ਰੈਸਕਿਊ ਉਪਰੰਤ ਦੋਵੇਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕਰਕੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਬੱਚਿਆਂ ਦੀ ਪੜਾਈ ਮੁੜ ਸ਼ੁਰੂ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਨੂੰ ਸਖਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਗਈ ਕਿ ਨਾਬਾਲਿਗ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ ਅਤੇ ਭਵਿੱਖ ਵਿੱਚ ਅਜਿਹਾ ਦੁਬਾਰਾ ਕਰਨ ‘ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੜਕਾਂ ਤੋਂ ਹਟਾ ਕੇ ਉਨ੍ਹਾਂ ਨੂੰ ਸਿੱਖਿਆ, ਸੁਰੱਖਿਆ ਅਤੇ ਬਿਹਤਰ ਭਵਿੱਖ ਨਾਲ ਜੋੜਨਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇ ਕਿਤੇ ਵੀ ਨਾਬਾਲਿਗ ਬੱਚੇ ਭੀਖ ਮੰਗਦੇ ਜਾਂ ਮਜ਼ਦੂਰੀ ਕਰਦੇ ਦਿੱਖਣ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦਿੱਤੀ ਜਾਵੇ ਤਾਂ ਜੋ ਹਰ ਬੱਚੇ ਨੂੰ ਉਸਦਾ ਹੱਕ ਅਤੇ ਸੁਰੱਖਿਅਤ ਭਵਿੱਖ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪੁਲਿਸ ਵਿਭਾਗ ਵੱਲੋਂ ਅਮਨਦੀਪ ਕੌਰ, ਸਿੱਖਿਆ ਵਿਭਾਗ ਤੋਂ ਕੁਲਵੀਰ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ, ਕੇਸ ਵਰਕਰ ਗੁਰਤੇਜ ਸਿੰਘ, ਡਾਟਾ ਐਨਾਲਿਸਟ ਜਸਪ੍ਰੀਤ ਕੌਰ, ਮੀਡੀਆ ਸਹਾਇਕ ਪਰਗਟ ਸਿੰਘ ਅਤੇ ਸਰਬਜੀਤ ਕੌਰ ਹਾਜ਼ਰ ਸਨ ।
