post

Jasbeer Singh

(Chief Editor)

Punjab

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਸਰਵੋਤਮ ਇਲਾਜ ਸੁਵਿਧਾਵਾਂ ਮੁਹਈਆ ਕਰਵਾ ਕੇ ਰੁਜ਼ਗਾਰ ਦੇ ਸਮਰੱ

post-img

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਸਰਵੋਤਮ ਇਲਾਜ ਸੁਵਿਧਾਵਾਂ ਮੁਹਈਆ ਕਰਵਾ ਕੇ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਵਚਨਬੱਧ ਹਾਂ : ਡਾ. ਬਲਬੀਰ ਸਿੰਘ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਦੇ ਸੰਚਾਲਕਾਂ ਨਾਲ ਮੀਟਿੰਗ ਘਾਬਦਾਂ /ਸੰਗਰੂਰ, 7 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਦਾ ਦੌਰਾ ਕਰਦਿਆਂ ਓਥੇ ਜੇਰੇ ਇਲਾਜ ਵਿਅਕਤੀਆਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦਾ ਨਿਰੀਖਣ ਕੀਤਾ। ਇਸ ਉਪਰੰਤ ਉਹਨਾਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਸਮੇਤ ਹੋਰ ਅਧਿਕਾਰੀਆਂ ਨਾਲ ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਦੇ ਸੰਚਾਲਕਾਂ ਨਾਲ ਮੀਟਿੰਗ ਕੀਤੀ ਅਤੇ ਇਨ੍ਹਾਂ ਕੇਂਦਰਾਂ ਵਿੱਚ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਜੇਰੇ ਇਲਾਜ ਵਿਅਕਤੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੇਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨਾਮ ਹੇਠ ਚਲਾਈ ਗਈ ਹੈ ਜਿਸ ਤਹਿਤ ਲੋਕਾਂ ਤੋਂ ਫੀਡਬੈਕ ਵੀ ਪ੍ਰਾਪਤ ਕੀਤੀ ਜਾ ਰਹੀ ਹੈ ਤਾਂ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹਨ ਉਹਨਾਂ ਨੂੰ ਜੇਲਾਂ ਵਿੱਚ ਭੇਜਣ ਦੀ ਥਾਂ 'ਤੇ ਹਸਪਤਾਲਾਂ ਵਿੱਚ ਦਾਖਲ ਕਰਕੇ ਸਹੀ ਇਲਾਜ ਕਰਵਾਉਣਾ ਅਤੇ ਤੰਦਰੁਸਤ ਹੋਣ ਮਗਰੋਂ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਕੇ ਰੁਜ਼ਗਾਰ ਦੇ ਸਮਰੱਥ ਬਣਾਉਣਾ ਸਰਕਾਰ ਦਾ ਮੁੱਖ ਟੀਚਾ ਹੈ । ਉਹਨਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਪੁਲਿਸ ਨੂੰ ਪਹਿਲਾਂ ਤੋਂ ਹੀ ਹਦਾਇਤਾਂ ਜਾਰੀ ਹੋ ਚੁੱਕੀਆਂ ਹਨ ਅਤੇ ਅਜਿਹੇ ਨਸ਼ਾ ਤਸਕਰਾਂ ਵੱਲੋਂ ਪਾਪ ਦੀ ਕਮਾਈ ਨਾਲ ਬਣਾਈ ਗਈ ਜਾਇਦਾਦ ਨੂੰ ਵੀ ਨਸ਼ਟ ਕਰਨ ਦੀ ਕਾਰਵਾਈ ਨਾਲੋਂ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਦੇ ਸੰਚਾਲਕਾਂ ਨੂੰ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਵੱਧ ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਰੋਜ਼ਾਨਾ ਦੇ ਆਧਾਰ ਤੇ ਮਨੋਵਿਗਿਆਨੀਆਂ ਅਤੇ ਕਾਉਂਸਲਰਾਂ ਦਾ ਸਹਿਯੋਗ ਲੈਂਦੇ ਹੋਏ ਉਹਨਾਂ ਨੂੰ ਛੇਤੀ ਸਿਹਤਯਾਬ ਕਰਨ ਲਈ ਸਰਗਰਮ ਕਦਮ ਪੁੱਟੇ ਜਾਣ । ਉਹਨਾਂ ਦੱਸਿਆ ਕਿ ਜਿਹੜੇ ਵਿਅਕਤੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ ਉਹਨਾਂ ਨੂੰ ਸਿਹਤਯਾਬ ਕਰਨ ਲਈ ਮਾਪਿਆਂ ਨੇ ਵੀ ਆਪਣਾ ਕਦਮ ਅੱਗੇ ਵਧਾਇਆ ਹੈ ਅਤੇ ਇਸ ਨਾਲ ਇਹ ਪੂਰੀ ਆਸ ਬੱਝ ਗਈ ਹੈ ਕਿ ਲੋਕ ਪੂਰੇ ਤਨ ਮਨ ਨਾਲ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜੁੜ ਰਹੇ ਹਨ । ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਅਤੇ ਉਦਯੋਗਾਂ ਦੇ ਸਹਿਯੋਗ ਨਾਲ ਇਹਨਾਂ ਬੱਚਿਆਂ ਨੂੰ ਇਹਨਾਂ ਦੇ ਹੁਨਰ ਮੁਤਾਬਕ ਸਿਖਲਾਈ ਦੇ ਕੇ ਰੁਜ਼ਗਾਰ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਇਹ ਵੀ ਆਮ ਨਾਗਰਿਕ ਵਜੋਂ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋ ਕੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕ ਸਕਣ । ਉਹਨਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਵਿੱਚ ਵਾਧਾ ਕਰਨ ਤਾਂ ਕਿ ਵਿਦਿਆਰਥੀ ਜਿੱਥੇ ਖੁਦ ਸੁਚੇਤ ਹੋਣ ਉੱਥੇ ਨਾਲ ਹੀ ਆਪਣੇ ਘਰਾਂ ਵਿੱਚ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਨਸ਼ਿਆਂ ਤੋਂ ਬਚਾਉਣ ਵਿੱਚ ਪ੍ਰੇਰਨਾਦਾਇਕ ਭੂਮਿਕਾ ਅਦਾ ਕਰਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਨਵਰੀਤ ਸਿੰਘ ਵਿਰਕ, ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਕਾਰਜਕਾਰੀ ਸਿਵਲ ਸਰਜਨ ਡਾ. ਵਿਕਾਸ ਧੀਰ, ਮਨੋ ਵਿਗਿਆਨੀ ਡਾ. ਇਸ਼ਾਨ ਵੀ ਹਾਜ਼ਰ ਸਨ ।

Related Post