post

Jasbeer Singh

(Chief Editor)

Punjab

ਨਿੱਜੀ ਕੰਮਾਂ ਲਈ ਕਮੇਟੀ ਦੇ ਵਾਹਨਾਂ ਦੀ ਵਰਤੋਂ ਬੰਦ ਕੀਤੀ ਜਾਵੇ: ਦਾਦੂਵਾਲ

post-img

 ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰੂ ਘਰ ਦੇ ਵਾਹਨਾਂ ਦੀ ਵਰਤੋਂ ਆਪਣੇ ਨਿੱਜੀ ਕੰਮਾਂ ਲਈ ਨਾ ਕਰਨ ਅਤੇ ਇਹ ਗੱਡੀਆਂ ਨੂੰ ਵਾਪਸ ਮੁੱਖ ਦਫ਼ਤਰ ਨੂੰ ਦੇਣ। ਜਥੇਦਾਰ ਦਾਦੂਵਾਲ ਅੱਜ ਕਮੇਟੀ ਦੇ ਮੁੱਖ ਦਫ਼ਤਰ ਕੁਰੂਕਸ਼ੇਤਰ ਗੁਰਦੁਆਰਾ 6ਵੀਂ ਪਾਤਸ਼ਾਹੀ ਵਿਚ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਜਥਿਆਂ ਸਣੇ ਧਰਮ ਪ੍ਰਚਾਰ ਵਿੰਗ ਦੀ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਜਥੇਦਾਰ ਨੇ ਕਿਹਾ ਕਿ ਗੁਰੂ ਘਰ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਧਰਮ ਪ੍ਰਚਾਰ ਦੀ ਲਹਿਰ ਨੂੰ ਤੇਜ਼ੀ ਨਾਲ ਪ੍ਰਚੰਡ ਕੀਤਾ ਜਾਏਗਾ। ਇਸ ਲਈ ਧਰਮ ਪ੍ਰਚਾਰਕਾਂ ਸਣੇ ਹੋਰ ਕਰਮਚਾਰੀਆਂ ਨੂੰ ਉਚਿਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਕਮੇਟੀ ਵੱਲੋਂ ਪਿੰਡ-ਪਿੰਡ ਜਾ ਕੇ ਸੰਗਤਾਂ ਵਿਚ ਧਰਮ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਚਾਰ ਦੀ ਘਾਟ ਕਾਰਨ ਅੱਜ ਦੀ ਨੌਜਵਾਨ ਪੀੜੀ ਵਿਚ ਨਸ਼ਿਆਂ ਦਾ ਪਸਾਰ ਹੋ ਰਿਹਾ ਹੈ, ਜੋ ਕਿ ਮੰਦਭਾਗਾ ਹੈ। ਉਨ੍ਹਾਂ ਦਾ ਯਤਨ ਹੈ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਉਨ੍ਹਾਂ ਨੂੰ ਸਿੱਖੀ ਨਾਲ ਜੋੜਿਆ ਜਾਵੇ। ਜਥੇਦਾਰ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ’ਤੇ ਮੈਂਬਰਾਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ ਹੈ, ਉਨ੍ਹਾਂ ਮੁੱਦਿਆਂ ਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੈਠਕ ਵਿਚ ਪ੍ਰਚਾਰਕਾਂ ਨੇ ਵਾਹਨਾਂ ਦੀ ਸਮੱਸਿਆ ਦਾ ਜ਼ਿਕਰ ਕੀਤਾ ਹੈ। ਇਸ ਲਈ ਸਾਰੇ ਆਗੂ ਸੰਸਥਾ ਦੇ ਵਾਹਨਾਂ ਨੂੰ ਨਿੱਜੀ ਕੰਮਾਂ ਲਈ ਨਾ ਵਰਤਣ ਅਤੇ ਉਨ੍ਹਾਂ ਨੂੰ ਵਾਪਸ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਜੋੜ ਮੇਲੇ ਤੇ ਇਤਿਹਾਸਕ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਣ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਗੁਰੂ ਦੀ ਕ੍ਰਿਪਾ ਨਾਲ ਉਨ੍ਹਾਂ ਨੂੰ ਜੋ ਹਰਿਆਣਾ ਕਮੇਟੀ ਵਿਚ ਧਰਮ ਪ੍ਰਚਾਰ ਲਹਿਰ ਦੀ ਵਾਗਡੋਰ ਮਿਲੀ ਹੈ, ਉਸ ਨੂੰ ਉਹ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਪੂਰਾ ਕਰਨਗੇ ਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਸਿੱਖ ਧਰਮ ਨਾਲ ਜੋੜਨ ਦਾ ਯਤਨ ਕਰਨਗੇ। ਇਸ ਮੌਕੇ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ, ਧਰਮ ਪ੍ਰਚਾਰ ਸਕੱਤਰ ਸਰਬਜੀਤ ਸਿੰਘ, ਸਹਾਇਕ ਸੁਪਰਵਾਈਜ਼ਰ ਗੁਰਪੇਜ ਸਿੰਘ, ਵਰਿੰਦਰ ਸਿੰਘ ਆਦਿ ਮੌਜੂਦ ਸਨ।

Related Post