post

Jasbeer Singh

(Chief Editor)

Patiala News

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

post-img

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਪਟਿਆਲਾ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ । ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਅਧਿਕਾਰੀਆਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ ਕਰ ਰਿਹਾ ਸੀ । ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਸ ਅਧਿਕਾਰੀਆਂ ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ । ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਤੇ ਬਾਅਦ ਵਿੱਚ ਸੌਦਾ 3 ਲੱਖ ਰੁਪਏ ਵਿੱਚ ਤੈਅ ਹੋਇਆ ਸੀ । ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ।

Related Post