go to login
post

Jasbeer Singh

(Chief Editor)

Latest update

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ‘ਆਪ’ ਤੇ ਅਕਾਲੀ ਦਲ ਨੂੰ ਚੇਤਾਵਨੀ ਜਾਰੀ

post-img

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਜਾਰੀ ਕੀਤੀ ਹੈ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਦੋਵੇਂ ਸਿਆਸੀ ਧਿਰਾਂ ਨੂੰ ਵਾਰਨਿੰਗ ਪੱਤਰ ਦਿੱਤੇ ਹਨ। ਕਮਿਸ਼ਨ ਨੇ ਖਡੂਰ ਸਾਹਿਬ ਹਲਕੇ ਤੋਂ ‘ਆਪ’ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਸਿਆਸੀ ਵਿਰੋਧੀਆਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ ਹੈ। ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੇ ਲਾਲਜੀਤ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੀਤੀ ਬਿਆਨਬਾਜ਼ੀ ਦੇ ਨਾਲ-ਨਾਲ ਘਟਨਾ ਦੀਆਂ ਵੀਡੀਓਜ਼ ਸਮੇਤ ਰਿਪੋਰਟ ਮੁੱਖ ਚੋਣ ਅਧਿਕਾਰੀ ਨੂੰ ਸੌਂਪੀ ਸੀ। ਇਸੇ ਤਰ੍ਹਾਂ ਅਕਾਲੀ ਦਲ ਨੇ ਚੋਣਾਂ ਵਿਚ ‘ਆਪ’ ਦੇ ਸੂਬਾ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਉਮੀਦਵਾਰਾਂ ਵਿਰੁੱਧ ਇੱਕ ਵੀਡੀਓ ਵਿੱਚ ‘ਦਿੱਲੀ ਕੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਸੀ, ਜਿਸ ਨੂੰ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ ਹੈ। ਹਾਲਾਂਕਿ ਅਕਾਲੀ ਦਲ ਨੇ ਬਾਅਦ ਵਿਚ ਵੀਡੀਓ ਨੂੰ ਡਿਲੀਟ ਕਰ ਦਿੱਤਾ ਸੀ। ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੋਣ ਰੈਲੀ ਵਿਚ ਬੱਚਿਆਂ ਦੀ ਵਰਤੋਂ ਨੂੰ ਵੀ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤ ਕੀਤੀ ਸੀ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਆਪਣੀ ਰਿਪੋਰਟ ਵਿਚ ਪੁਸ਼ਟੀ ਕੀਤੀ ਸੀ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਸੀ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣ ਰੈਲੀਆਂ ਅਤੇ ਪ੍ਰਚਾਰ ਵਿਚ ਬੱਚਿਆਂ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਬਦਲੇ ਚੇਤਾਵਨੀ ਦਿੱਤੀ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਗ਼ਲਤੀਆਂ ਨਾ ਦੁਹਰਾਉਣ ਅਤੇ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ‘ਆਪ’ ਨੂੰ ਵੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਚੇਤਾਵਨੀ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਅਜਿਹੀ ਗ਼ਲਤੀ ਨਾ ਦੁਹਰਾਉਣ ਅਤੇ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਗ਼ੌਰਤਲਬ ਹੈ ਕਿ ਹਲਕਾ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਥੋੜ੍ਹੇ ਦਿਨ ਪਹਿਲਾਂ ਉਦੋਂ ਸਿਆਸੀ ਵਿਵਾਦ ਵਿਚ ਘਿਰ ਗਏ ਸਨ ਜਦੋਂ ਉਨ੍ਹਾਂ ਆਪਣੇ ਚੋਣ ਪ੍ਰਚਾਰ ਦੌਰਾਨ ਇੱਕ ਰੈਲੀ ਵਿਚ ਆਪਣੇ ਰਾਜਸੀ ਵਿਰੋਧੀ ਖ਼ਿਲਾਫ਼ ਬੇਤੁਕੀਆਂ ਟਿੱਪਣੀਆਂ ਅਤੇ ਇੱਕ ਖ਼ਾਸ ਭਾਈਚਾਰੇ ਦੇ ਖ਼ਿਲਾਫ਼ ਇਤਰਾਜ਼ਯੋਗ ਗੱਲਾਂ ਕਹਿ ਦਿੱਤੀਆਂ ਸਨ। ਬੇਸ਼ੱਕ ਲਾਲਜੀਤ ਭੁੱਲਰ ਨੇ ਇਸ ਲਈ ਰਾਮਗੜ੍ਹੀਆ ਭਾਈਚਾਰੇ ਤੋਂ ਜਨਤਕ ਮੁਆਫ਼ੀ ਮੰਗ ਲਈ ਸੀ ਪਰ ਅੱਜ ਚੋਣ ਕਮਿਸ਼ਨ ਨੇ ਚੇਤਾਵਨੀ ਜਾਰੀ ਕਰ ਦਿੱਤੀ ਹੈ।

Related Post