

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਜਾਣਾ ਪਵੇਗਾ। ਉਹ ਅੱਜ ਸਨੌਰ ਹਲਕੇ ਅਧੀਨ ਪੈਂਦੀਆਂ ਪਟਿਆਲਾ ਕੈਂਚੀਆਂ ਸਥਿਤ ਸ਼ਹੀਦ ਊਧਮ ਸਿੰਘ ਚੌਕ ਨੇੜੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਹ ਰੈਲੀ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਮਾਨ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਉਂਝ ਤਾਂ ਗਰੀਬ ਕਿਸਾਨ ਦਾ ਪੁੱਤ ਹੋਣ ਬਾਰੇ ਦੱਸਦੇ ਰਹਿੰਦੇ ਹਨ ਪਰ ਹਰਿਆਣਾ ਪੁਲੀਸ ਵੱਲੋਂ ਪੰਜਾਬ ’ਚ ਆ ਕੇ ਗ੍ਰਿਫ਼ਤਾਰੀਆਂ ਕਰਨ, ਪੰਜਾਬ ਦੇ ਖੇਤਰ ’ਚ ਆ ਕੇ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਸਮੇਤ ਕਈ ਕਿਸਾਨਾਂ ਨੂੰ ਜ਼ਖ਼ਮੀ ਕਰਨ ਤੇ ਉਨ੍ਹਾਂ ਦੇ ਟਰੈਕਟਰਾਂ ਦੀ ਭੰਨਤੋੜ ਕਰਨ ਦੀਆਂ ਘਟਨਾਵਾਂ ਬਾਰੇ ਉਨ੍ਹਾਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਈ ਹੋਰ ਉਦਾਹਰਨਾਂ ਹਨ ਜੋ ਉਨ੍ਹਾਂ ਦੇ ਕੇਂਦਰ ਸਰਕਾਰ ਨਾਲ ਮਿਲੇ ਹੋਣ ਦੀ ਹਾਮੀ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਭਗਵੰਤ ਮਾਨ ਨੂੰ ਜੇਲ੍ਹ ਜਾਣਾ ਹੀ ਪਵੇਗਾ।