

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ‘ਇੰਡੀਆ’ ਗੱਠਜੋੜ ’ਚ ਉਨ੍ਹਾਂ ਸਾਰੀਆਂ ਪਾਰਟੀਆਂ ਦਾ ਸਵਾਗਤ ਹੈ ਜੋ ਸੰਵਿਧਾਨ ਦੀ ਪ੍ਰਸਤਾਵਨਾ ’ਚ ਵਿਸ਼ਵਾਸ ਰੱਖਦੀਆਂ ਹਨ ਅਤੇ ਇਸ ਦੇ ਆਰਥਿਕ, ਸਮਾਜਿਕ ਅਤੇ ਸਿਆਸੀ ਨਿਆਂ ਦੇ ਉਦੇਸ਼ਾਂ ਨੂੰ ਲੈ ਕੇ ਵਚਨਬੱਧ ਹਨ। ਲੋਕ ਸਭਾ ਚੋਣਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਮਗਰੋਂ ‘ਇੰਡੀਆ’ ਗੱਠਜੋੜ ਦੀ ਅੱਜ ਇਥੇ ਪਹਿਲੀ ਮੀਟਿੰਗ ਹੋਈ ਤਾਂ ਜੋ ਸਰਕਾਰ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਫ਼ਤਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਹੈ ਪਰ ਉਹ ਇਸ ਨੂੰ ਨਕਾਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੜਗੇ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਨਹੀਂ ਕਰੇਗਾ ਅਤੇ ਉਸ ਵੱਲੋਂ ਸਹੀ ਸਮੇਂ ਦੀ ਉਡੀਕ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀ ਇੱਛਾ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੇ ਫਾਸ਼ੀਵਾਦ ਰਾਜ ਖ਼ਿਲਾਫ਼ ਲੜਾਈ ਜਾਰੀ ਰਖੇਗਾ।