post

Jasbeer Singh

(Chief Editor)

Patiala News

ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ.ਸੀ. ਵਜ਼ੀਫ਼ੇ ਦੀ ਨਿਰ

post-img

ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ.ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ * ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਕੀਤੀ ਭੇਟ ਪਟਿਆਲਾ, 14 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੁਨੀਆਂ ਦੇ ਇਤਿਹਾਸ ਦੀਆਂ ਸਭ ਮਹਾਨ ਸ਼ਖਸੀਅਤਾਂ ਵਿੱਚੋਂ ਇੱਕ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਡਾ. ਅੰਬੇਦਕਰ ਇੱਕ ਨਿਮਰ ਪਰਿਵਾਰ ਤੋਂ ਸਨ ਪਰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ਵਿੱਚ ਸ਼ੁਮਾਰ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਦਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਵਰਗਾਂ ਦੇ ਆਗੂ ਸਨ ਬਲਕਿ ਉਹ ਪੂਰੀ ਮਨੁੱਖਤਾ ਦੇ ਆਗੂ ਸਨ। ਡਾ. ਅੰਬੇਦਕਰ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਦੇ ਇਸ ਮਹਾਨ ਸਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਾਤ, ਰੰਗ ਅਤੇ ਨਸਲ ਦੀ ਸੌੜੀ ਸੋਚ ਤੋਂ ਉੱਪਰ ਉੱਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਸਮਾਨਤਾ ਪ੍ਰਾਪਤ ਕਰਨ ਲਈ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਡਾ. ਅੰਬੇਦਕਰ ਨੇ ਹਮੇਸ਼ਾ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮੇਤ ਹਰ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੇ ਸਾਰਿਆਂ ਲਈ ਬਰਾਬਰ ਰੁਤਬੇ ਅਤੇ ਸਤਿਕਾਰ ਦੀ ਵਕਾਲਤ ਕੀਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਡਾ. ਅੰਬੇਦਕਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਡਾ. ਅੰਬੇਦਕਰ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਅਤੇ ਧਰਮ, ਜਾਤ, ਰੰਗ ਅਤੇ ਨਸਲ ਦੇ ਸੌੜੇ ਵਿਚਾਰਾਂ ਨੂੰ ਤਿਆਗ ਕੇ ਇੱਕ ਸਦਭਾਵਨਾ ਪੂਰਨ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦੇ ਜੀਵਨ ਅਤੇ ਫਲਸਫੇ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਸਹੂਲਤ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਦੀ ਸਰਕਾਰ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਨਾਲ ਸਬੰਧਤ ਮੰਤਰੀਆਂ ਨੂੰ ਸਥਾਨ ਦੇ ਕੇ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਦੇ ਕੇ ਅਤੇ ਅਨੁਸੂਚਿਤ ਜਾਤੀ ਵਜ਼ੀਫ਼ੇ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾ ਕੇ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਲੋਕਾਂ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਆਮ ਲੋਕ ਆਪਣੀ ਇੱਛਾ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ਵਿੱਚ ਰੋੜਾ ਬਣਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਫੁੱਟਪਾਊ ਤਾਕਤਾਂ ‘ਤੇ ਨਿਸ਼ਾਨਾਂ ਬਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਤਾਕਤਾਂ ਹੁਣ ਪੰਜਾਬ ਵਿੱਚ ਡਾ. ਬੀ.ਆਰ. ਅੰਬੇਦਕਰ ਦੇ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਮਾਜ ਵਿੱਚ ਅਤਿ ਲੋੜੀਂਦੇ ਬਦਲਾਅ ਲਿਆਉਣ ਲਈ ਆਪਣੀ ਸਿੱਖਿਆ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵੱਧ ਗਈਆਂ ਹਨ, ਜਿਨ੍ਹਾਂ ਵਿੱਚ ਉਹ ਖੇਤਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਹੁਣ ਤੱਕ ਮਰਦਾਂ ਨੂੰ ਮੋਹਰੀ ਮੰਨਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਅਤੇ ਸਮਾਜ ਅਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਔਰਤਾਂ ਦਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕੁੜੀਆਂ ਹੋਰ ਸਿੱਖਿਆ ਪ੍ਰਾਪਤ ਕਰਕੇ ਆਪਣੇ ਲਈ ਵੱਖਰੀ ਪਛਾਣ ਬਣਾਉਂਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ ਦੀ ਸੱਤਾ ਇਮਾਨਦਾਰੀ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧ ਲੋਕਾਂ ਦੇ ਹੱਥਾਂ ਵਿੱਚ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਦੇ ਗੁਣ ਵਿਰਾਸਤ ਵਿਚੋਂ ਮਿਲੇ ਹਨ ਅਤੇ ਉਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਲਾਂਚਪੈਡ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਲੋੜੀਂਦੇ ਟੀਚਿਆਂ ਨੂੰ ਪ੍ਰਾਪਤ ਨਹੀਂ ਕਰ ਲੈਂਦੇ ਅਤੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਨਹੀਂ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਦੇ ਪੁੱਤਰ ਅਤੇ ਧੀਆਂ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲ ਵੱਲ ਕਦੇ ਵੀ ਉਨ੍ਹਾਂ ਨੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇਅ ਮੀਲ ਸੈਂਟਰ ਬਣੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੰਗੀ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਨੂੰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਾਰੇ ਕੰਮ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਇੱਕ ਸਰਗਰਮ ਭਾਈਵਾਲ ਬਣਾ ਰਿਹਾ ਹੈ। ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਪੂਰੀ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਤਿਆਰ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਸਰਗਰਮ ਜਨਤਕ ਸਮਰਥਨ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਲੋਕਾਂ ਦਾ ਸਮਰਥਨ ਲੈਣ ਲਈ ਇੱਕ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ 'ਤੇ ਸਾਂਝੀ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਕਈ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਕਈ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਵਸ ਮਨਾਉਣ ਲਈ ਕਈ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਿਆ ਗਿਆ ਹੈ। ਵਿਦਿਆਰਥੀਆਂ ਨਾਲ ਭਾਵਨਾਤਮਕ ਤੌਰ ‘ਤੇ ਜੁੜਦਿਆਂ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਦਿਆਰਥੀ ਵਜੋਂ ਆਪਣੇ ਦਿਨਾਂ ਨੂੰ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ ਸੀ ਅਤੇ ਆਪਣੇ ਅਕਾਦਮਿਕ ਸਾਲਾਂ ਦੌਰਾਨ ਇਸੇ ਸਟੇਜ ਤੋਂ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਿੱਖਿਆ ਨੇ ਉਨ੍ਹਾਂ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਹੈ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਨਵੀਆਂ ਬੁਲੰਦੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹੋਰਨਾਂ ਨੇ ਵੀ ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।

Related Post