post

Jasbeer Singh

(Chief Editor)

Punjab

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਗਰ ਤਰੀਕੇ ਨਾਲ ਕੰਮ ਕਰੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ"

post-img

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਗਰ ਤਰੀਕੇ ਨਾਲ ਕੰਮ ਕਰੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ" - ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਵੱਲੋਂ ਕਲੱਸਟਰ ਅਫ਼ਸਰਾਂ, ਨੋਡਲ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ - ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗਾ - ਡਿਪਟੀ ਕਮਿਸ਼ਨਰ - ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਵੀ ਦਰਜ ਹੋਣਗੇ ਪਰਚੇ, ਕੋਈ ਰਿਆਇਤ ਨਹੀਂ ਵਰਤੀ ਜਾਵੇਗੀ - ਐੱਸ ਐੱਸ ਪੀ ਸੰਗਰੂਰ - ਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਜ਼ਿਆਦਾ ਸਮਾਂ ਫੀਲਡ ਵਿੱਚ ਰਹਿਣ ਦੇ ਆਦੇਸ਼ ਸੰਗਰੂਰ, 27 ਅਕਤੂਬਰ 2025 : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਸਖ਼ਤੀ ਨਾਲ ਰੋਕਣ ਦੀ ਨੀਤੀ ਉੱਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਸਮੂਹ ਕਲੱਸਟਰ ਅਫ਼ਸਰਾਂ, ਨੋਡਲ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਜਾਂ ਤਾਂ ਉਹ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਗਰ ਤਰੀਕੇ ਨਾਲ ਕੰਮ ਕਰਨ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ । ਉਹ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਸਮੂਹ ਐੱਸ. ਪੀਜ਼, ਐੱਸ. ਡੀ. ਐੱਮਜ਼, ਡੀ. ਐੱਸ. ਪੀਜ਼, ਕਲੱਸਟਰ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ । ਉਹਨਾਂ ਕਲੱਸਟਰ ਅਫ਼ਸਰਾਂ ਨੂੰ ਕਿਹਾ ਕਿ ਜੇਕਰ ਉਹਨਾਂ ਅਧੀਨ ਨੋਡਲ ਅਫ਼ਸਰ ਕੰਮ ਕਰਨ ਤੋਂ ਆਨਾਕਾਨੀ ਕਰਦੇ ਹਨ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ । ਉਹਨਾਂ ਸਪੱਸ਼ਟ ਕੀਤਾ ਕਿ ਕੰਮ ਨਾ ਕਰਨ ਵਾਲੇ ਕਰਮਚਾਰੀਆਂ/ਅਧਿਕਾਰੀਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ । ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ । ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਨਾਜ਼ੁਕ ਥਾਵਾਂ ਤੇ ਸਾਂਝੇ ਤੌਰ ਤੇ ਗਸ਼ਤ ਕੀਤੀ ਜਾਵੇ । ਸਾਰੇ ਐੱਸ. ਡੀ. ਐੱਮਜ਼, ਡੀ. ਐੱਸ. ਪੀਜ਼. ਅਤੇ ਐਸ. ਐਚ. ਓਜ਼. ਵੱਲੋਂ ਆਪਣੇ ਦਫ਼ਤਰਾਂ ਤੋਂ ਬਾਹਰ ਆ ਕੇ ਫੀਲਡ ਵਿੱਚ ਸਖ਼ਤ ਚੌਕਸੀ ਵਰਤੀ ਜਾਵੇ । ਉਹਨਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਅਧਿਕਾਰੀਆਂ ਅਤੇ ਐਸ ਐਚ ਓ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ । ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਲੱਸਟਰ ਅਫ਼ਸਰਾਂ ਵਲੋਂ ਅਜਿਹੇ ਪਿੰਡਾਂ ਵਿੱਚ ਪੁਲਿਸ ਕਰਮੀਆਂ ਦੀ ਹਾਜ਼ਰੀ ਵਿੱਚ ਦੌਰੇ ਕਰਨੇ ਚਾਹੀਦੇ ਹਨ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਸੁਨੇਹਾ ਦਿੱਤਾ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਸ ਅਧਿਕਾਰੀਆਂ ਦੀ ਸਾਂਝੇ ਤੌਰ ਉਤੇ ਗਸ਼ਤ ਲੋਕਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਅਸਰਦਾਰ ਢੰਗ ਨਾਲ ਰੋਕੇਗੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਸਮੂਹ ਪਿੰਡਾਂ ਦੇ ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾਣ । ਇਸ ਤੋਂ ਇਲਾਵਾ ਗੁਰਦੁਆਰਿਆਂ, ਮੰਦਿਰਾਂ ਤੇ ਹੋਰ ਧਾਰਮਿਕ ਸਥਾਨਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਅਨਾਊਂਸਮੈਂਟ ਵੀ ਕਰਵਾਈ ਜਾਵੇ । ਜੇਕਰ ਕੋਈ ਜਾਗਰੂਕਤਾ ਫੈਲਾਉਣ ਵਿੱਚ ਅੜਿੱਕਾ ਲਾਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਇਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਿੱਚ ਮਦਦਗਾਰ ਸਾਬਿਤ ਹੋਵੇਗਾ । ਉਹਨਾਂ ਦੱਸਿਆ ਕਿ ਪਰਾਲੀ ਦੇ ਉਚਿਤ ਪ੍ਰਬੰਧਨ ਲਈ ਜ਼ਿਲ੍ਹਾ ਸੰਗਰੂਰ ਵਿੱਚ ਮਸ਼ੀਨਰੀ ਦੀ ਕੋਈ ਵੀ ਕਮੀ ਨਹੀਂ ਹੈ । ਕਿਸਾਨਾਂ ਨੂੰ ਇਸਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੀ ਲੋੜ ਹੈ । ਇਸ ਮੌਕੇ ਹਾਜ਼ਰ ਐਸ. ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਵੀ ਪਰਚੇ ਦਰਜ ਹੋਣਗੇ । ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਖ਼ਿਲਾਫ਼ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ ਅਤੇ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ । ਉਹਨਾਂ ਸਮੂਹ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਸਮੇਂ ਦੌਰਾਨ ਆਪਣੇ-ਆਪਣੇ ਖੇਤਰਾਂ ਵਿੱਚ ਰਹਿ ਕੇ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾ ਸਕੇ । ਉਨ੍ਹਾਂ ਕਿਹਾ ਕਿ ਮਾਨਯੋਗ ਉੱਚ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਿਤ ਐਸ. ਐਚ. ਓਜ਼. ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਦੀ ਘਟਨਾ ਲਈ ਜਿੰਮੇਵਾਰ ਹੋਣਗੇ ਅਤੇ ਉਨ੍ਹਾਂ ਨੂੰ ਅੱਗ ਲੱਗਣ ਦੇ ਕੇਸਾਂ ਨੂੰ ਰੋਕਣ ਨੂੰ ਤਰਜੀਹ ਦੇਣੀ ਚਾਹੀਦੀ ਹੈ ।

Related Post

Instagram