July 6, 2024 01:38:08
post

Jasbeer Singh

(Chief Editor)

National

ਆਲਮੀ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਇਤਿਹਾਸਕ ਜਿੱਤ ਦੀਆਂ ਵਧਾਈਆਂ

post-img

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਸਣੇ ਕਈ ਆਲਮੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਗੱਠਜੋੜ ਨੂੰ ਆਮ ਚੋਣਾਂ ਵਿਚ ਮਿਲੀ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ ਹੈ। ਇਨ੍ਹਾਂ ਆਗੂਆਂ ਨੇ ਸ੍ਰੀ ਮੋਦੀ ਨਾਲ ਨੇੇੜੇ ਹੋ ਕੇ ਕੰਮ ਕਰਨ ਦੀ ਇੱਛਾ ਜਤਾਈ ਹੈ। ਤਿੱਬਤ ਦੇ ਰੂਹਾਨੀ ਆਗੂ ਦਲਾਈਲਾਮਾ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਲੋਕ ਸਭਾ ਹਲਕਿਆਂ ਲਈ ਨਤੀਜੇ ਐਲਾਨ ਦਿੱਤੇ ਹਨ, ਜਿਸ ਵਿਚ ਭਾਰਤੀ ਜਨਤਾ ਪਾਰਟੀ ਨੇ 543 ਮੈਂਬਰੀ ਲੋਕ ਸਭਾ ਵਿਚ 240 ਤੇ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਭਾਜਪਾ ਦੀ ਅਗਵਾਈ ਵਾਲਾ ਐੱਨਡੀਏ ਗੱਠਜੋੜ ਸਰਕਾਰ ਬਣਾਉਣ ਲਈ ਲੋੜੀਂਦੇ 272 ਦੇ ਜਾਦੂਈ ਅੰਕੜੇ ਨੂੰ ਪਾਰ ਕਰਨ ਵਿਚ ਸਫਲ ਰਿਹਾ। ਹਾਲਾਂਕਿ 2014 ਮਗਰੋਂ ਪਹਿਲੀ ਵਾਰ ਹੈ ਜਦੋਂ ਭਾਜਪਾ ਨੂੰ ਪੂਰਨ ਬਹੁਮਤ ਨਹੀਂ ਮਿਲਿਆ। ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਵੀਂ ਚੋਣ ਜਿੱਤ ਲਈ ਵਧਾਈ ਤੇ ਚੰਗੇ ਕੰਮ ਲਈ ਮੇਰੇ ਵੱਲੋਂ ਨਿੱਘੀਆਂ ਸ਼ੁਭਕਾਮਨਾਵਾਂ। ਮੈਨੂੰ ਪੂਰਾ ਯਕੀਨ ਹੈ ਕਿ ਅਸੀਂ ਇਟਲੀ ਤੇ ਭਾਰਤ ਨੂੰ ਇਕਜੁੱਟ ਕਰਨ ਵਾਲੀ ਦੋਸਤੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ। ਅਸੀਂ ਆਪਣੇ ਦੇਸ਼ਾਂ ਤੇ ਆਪਣੇ ਲੋਕਾਂ ਦੀ ਭਲਾਈ ਲਈ ਇਕ ਦੂਜੇ ਨੂੰ ਸਹਿਯੋਗ ਦਿੰਦੇ ਰਹਾਂਗੇ।’’ ਨੇਤਨਯਾਹੂ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ, ‘‘ਮੈਂ ਪ੍ਰਧਾਨ ਮੰੰਤਰੀ ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਮੁੜ ਚੁਣੇ ਜਾਣ ਦੀ ਵਧਾਈ ਦਿੰਦਾ ਹਾਂ। ਉਮੀਦ ਕਰਦਾ ਹਾਂ ਕਿ ਭਾਰਤ ਤੇ ਇਜ਼ਰਾਈਲ ਦੀ ਦੋਸਤੀ ਨਵੀਆਂ ਬੁਲੰਦੀਆਂ ਨੂੰ ਛੂਹੇ। ਬਧਾਈ ਹੋ!’’ ਭਾਰਤ ਤੇ ਇਜ਼ਰਾਈਲ ਵਿਚ 1992 ’ਚ ਸਫ਼ਾਰਤੀ ਰਿਸ਼ਤੇ ਸਥਾਪਤ ਹੋਣ ਮਗਰੋਂ ਸ੍ਰੀ ਮੋਦੀ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਇਜ਼ਰਾਈਲ ਦਾ ਦੌਰਾ ਕੀਤਾ ਸੀ। ਸ੍ਰੀਲੰਕਾ ਦੇ ਰਾਸ਼ਟਰਪਤੀ ਵਿਕਰਮਸਿੰਘੇ ਨੇ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਗੱਠਜੋੜ ਨੂੰ ਮਿਲੀ ਜਿੱਤ ਮੋਦੀ ਦੀ ਅਗਵਾਈ ਵਿਚ ਹੋਈ ਤਰੱਕੀ ਤੇ ਖ਼ੁਸ਼ਹਾਲੀ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਸ੍ਰੀਲੰਕਾਈ ਰਾਸ਼ਟਰਪਤੀ ਨੇ ਐਕਸ ’ਤੇ ਲਿਖਿਆ, ‘‘ਸ੍ਰੀਲੰਕਾ ਸਭ ਤੋਂ ਨੇੇੜਲਾ ਗੁਆਂਢੀ ਹੋਣ ਦੇ ਨਾਤੇ ਭਾਰਤ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਦੇਖ ਰਿਹਾ ਹੈ।’’ ਨੇਪਾਲ ਦੇ ਪ੍ਰਧਾਨ ਮੰਤਰੀ ‘ਪ੍ਰਚੰਡ’ ਨੇ ਆਪਣੇ ਭਾਰਤੀ ਹਮਰੁਤਬਾ ਨੂੰ ਚੋਣਾਂ ਵਿਚ ਮਿਲੀ ਸਫਲਤਾ ਲਈ ਵਧਾਈ ਦਿੱਤੀ ਹੈ। ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਨੇ ਵੀ ਇਤਿਹਾਸਕ ਜਿੱਤ ਲਈ ਮੋਦੀ ਨੂੰ ਵਧਾਈ ਦਿੱਤੀ। ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੁਹੰਮਦ ਮੁਇਜ਼ੂ ਨੇ ਵੀ ਸ੍ਰੀ ਮੋਦੀ ਨੂੰ ਵਧਾਈ ਦਿੰਦਿਆਂ ਦੁਵੱਲੇ ਰਿਸ਼ਤਿਆਂ ਨੂੰ ਅੱਗੇ ਵਧਾਉਣ ਲਈ ਭਾਰਤੀ ਪ੍ਰਧਾਨ ਮੰਤਰੀ ਨਾਲ ਕੰਮ ਕਰਨ ਦੀ ਇੱਛਾ ਜਤਾਈ ਹੈ। ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਅਰਿੰਗ ਤੋਬਗੇ ਨੇ ਵੀ ਸ੍ਰੀ ਮੋਦੀ ਤੇ ਐੱਨਡੀਏ ਨੂੰ ਲਗਾਤਾਰ ਤੀਜੀ ਵਾਰ ਮਿਲੀ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। -ਪੀਟੀਆਈ ਦੁਵੱਲੇ ਰਿਸ਼ਤਿਆਂ ਨਾਲ ਜੁੜੇ ਹਿੱਤਾਂ ਲਈ ਮਿਲ ਕੇ ਕੰਮ ਕਰਨ ਵਾਸਤੇ ਤਿਆਰ: ਚੀਨ ਪੇਈਚਿੰਗ: ਗੁਆਂਢੀ ਮੁਲਕ ਚੀਨ ਨੇ ਵੀ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਗੱਠਜੋੜ ਨੂੰ ਲੋਕ ਸਭਾ ਚੋਣਾਂ ਵਿਚ ਮਿਲੀ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਚੀਨ ਨੇ ਕਿਹਾ ਕਿ ਉਹ ਦੁਵੱਲੇ ਰਿਸ਼ਤਿਆਂ ਨਾਲ ਜੁੜੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਭਾਰਤ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮਾਓ ਨਿੰਗ ਨੇ ਕਿਹਾ, ‘‘ਅਸੀਂ ਭਾਰਤ ਵਿਚ ਆਮ ਚੋਣਾਂ ਦੇ ਨਤੀਜਿਆਂ ਨੂੰ ਦੇਖਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਤੇ ਐੱਨਡੀਏ ਦੀ ਜਿੱਤ ਲਈ ਵਧਾਈ ਦਿੱਤੀ ਹੈ।’’ ਪੂਰਬੀ ਲੱਦਾਖ਼ ਵਿਚ ਸਰਹੱਦ ਦੇ ਨਾਲ ਦੋਵਾਂ ਮੁਲਕਾਂ ਦੀਆਂ ਫੌਜਾਂ ਦਰਮਿਆਨ ਟਕਰਾਅ ਮਗਰੋਂ ਭਾਰਤ ਤੇ ਚੀਨ ਦੇ ਰਿਸ਼ਤਿਆਂ ਵਿਚ ਕਸ਼ੀਦਗੀ ਵਧ ਗਈ ਸੀ। ਦੋਵੇਂ ਧਿਰਾਂ ਸਰਹੱਦ ’ਤੇ ਬਣੇ ਜਮੂਦ ਨੂੰ ਤੋੜਨ ਲਈ ਹੁਣ ਤੱਕ ਕੋਰ ਕਮਾਂਡਰ ਪੱਧਰ ਦੀ 21 ਗੇੜਾਂ ਦੀ ਗੱਲਬਾਤ ਕਰ ਚੁੱਕੇ ਹਨ।

Related Post