DECEMBER 9, 2022
post

Jasbeer Singh

(Chief Editor)

World

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜੋਰਾਂ 'ਤੇ, ਡਾ. ਬਲਜੀਤ ਕੌਰ ਲਹਿਰਾਉਣਗੇ

post-img

26 ਜਨਵਰੀ ਨੂੰ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਦੇ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਈਸ਼ਾ ਸਿੰਘਲ, ਐਸ.ਪੀ ਹਰਵੰਤ ਕੌਰ ਤੇ ਐਸ.ਡੀ.ਐਮ. ਡਾ. ਇਸ਼ਮਿਤ ਵਿਜੇ ਸਿੰਘ ਨੇ ਪੋਲੋ ਗਰਾਊਂਡ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਇਸ ਸਮਾਗਮ ਮੌਕੇ 26 ਜਨਵਰੀ ਨੂੰ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਨ੍ਹਾਂ ਵੱਲੋਂ ਜਿੱਥੇ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਉਥੇ ਹੀ ਮਾਰਚ ਪਾਸਟ ਤੋਂ ਸਲਾਮੀ ਲਈ ਵੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਾਗਮ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਜਾਣਗੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਰੰਗਾ ਰੰਗ ਪ੍ਰੋਗਰਾਮ 'ਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈਣਗੇ। ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਸਮੇਤ ਮੁਟਿਆਰਾਂ ਦੇ ਗਿੱਧੇ ਅਤੇ ਨੌਜਵਾਨਾਂ ਦੇ ਭੰਗੜੇ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ। ਜਦੋਂਕਿ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਪਰੇਡ ਵਿਚ ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਜੀ.ਆਰ.ਪੀ., ਪੰਜਾਬ ਹੋਮ ਗਾਰਡ, ਸੇਟ ਜੋਨ ਐਂਬਲੈਂਸ, ਸਕਾਊਟ ਗਰਲ ਗਾਇਡ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਏਅਰ ਵਿੰਗ ਅਤੇ ਐਨ.ਸੀ.ਸੀ. (ਲੜਕੀਆਂ) ਦੀ ਇੱਕ-ਇੱਕ ਟੁਕੜੀ ਸ਼ਾਮਲ ਹੋਵੇਗੀ। ਇਸ ਮੌਕੇ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀ. ਹਰਦੀਪ ਸਿੰਘ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਫੋਟੋ ਕੈਪਸ਼ਨ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।

Related Post