March 3, 2024 17:36:21
post

Jasbeer Singh

(Chief Editor)

Latest update

ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ, ਡਾਕਟਰਾਂ ਤੇ ਸਟਾਫ਼ ਨੂੰ ਦਿੱਤੀ ਇਹ ਹਦਾਇਤ

post-img

ਅੰਮ੍ਰਿਤਸਰ - ਠੰਡ ਵਧਣ ਦੇ ਨਾਲ ਹੀ ਸਿਹਤ ਵਿਭਾਗ ਕੋਰੋਨਾ ਵਾਇਰਸ ਨੂੰ ਲੈ ਕੇ ਚੌਕਸ ਹੋ ਗਿਆ ਹੈ। ਵਿਭਾਗ ਨੇ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਕੰਮ ਕਰਦੇ ਡਾਕਟਰਾਂ ਅਤੇ ਸਟਾਫ਼ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ, ਉੱਥੇ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਜੇਕਰ ਸਾਹ ਸਬੰਧੀ ਮਰੀਜ਼ਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕਰਨ ਉਪਰੰਤ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹੁਕਮਾਂ ਦੀ ਹੇਠਲੇ ਪੱਧਰ ਤੱਕ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਨੇ ਆਪਣਾ ਭਿਆਨਕ ਰੂਪ ਧਾਰ ਲਿਆ ਸੀ ਅਤੇ ਕਈ ਕੀਮਤੀ ਜਾਨਾਂ ਲੈ ਲਈਆਂ ਸਨ। ਇਸ ਵਾਇਰਸ ਕਾਰਨ ਜਿੱਥੇ ਲੋਕਾਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਹੈ, ਉੱਥੇ ਹੀ ਵੱਡੀ ਗਿਣਤੀ ਵਿਚ ਬੱਚੇ, ਬਜ਼ੁਰਗ ਅਤੇ ਹਰ ਵਰਗ ਦੇ ਲੋਕ ਇਸ ਤੋਂ ਪ੍ਰਭਾਵਿਤ ਹੋਏ ਸਨ। ਫਿਲਹਾਲ ਟੀਕਾਕਰਨ ਨਾਲ ਲੋਕਾਂ ਵਿਚ ਵਾਇਰਸ ਨਾਲ ਲੜਨ ਲਈ ਪ੍ਰਤੀਰੋਧਕ ਸ਼ਕਤੀ ਪੈਦਾ ਹੋ ਗਈ ਸੀ ਪਰ ਹੁਣ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਦੇ ਕਰਮਚਾਰੀਆਂ ਅਤੇ ਡਾਕਟਰਾਂ ਨੂੰ ਡਿਊਟੀ ਦੌਰਾਨ ਮਾਸਕ ਪਹਿਨਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਜਾਣ ਤੋਂ ਪਹਿਲਾਂ ਮਾਸਕ ਪਹਿਨਣ ਅਤੇ ਹੱਥ ਮਿਲਾਉਣ ਤੋਂ ਬਚਣ। ਖਾਂਸੀ, ਜ਼ੁਕਾਮ, ਬੁਖਾਰ ਹੋਣ ਦੀ ਸੂਰਤ ਵਿਚ ਡਾਕਟਰ ਨਾਲ ਸੰਪਰਕ ਕਰਨ, ਜੇਕਰ ਸਾਹ ਰੋਗੀਆਂ ਨੂੰ ਸਾਹ ਲੈਣ ਵਿਚ ਦਿੱਕਤ ਆਉਂਦੀ ਹੈ ਤਾਂ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਵਰਤਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਓ. ਪੀ. ਡੀ. ਵਿਚ ਵੀ ਕੋਈ ਗੰਭੀਰ ਖੰਘ, ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਕੋਰੋਨਾ ਵਾਇਰਸ ਦੇ ਲੱਛਣਾਂ ਦੇ ਨਾਲ ਮਰੀਜ਼ ਆਉਂਦਾ ਹੈ, ਤਾਂ ਉਸ ਦਾ ਤੁਰੰਤ ਆਰ. ਟੀ. ਪੀ. ਸੀ. ਆਰ. ਟੈਸਟ ਕਰਵਾਇਆ ਜਾਵੇ । ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ ਸਾਹਮਣੇ ਨਹੀਂ ਆਇਆ ਹੈ, ਪਰ ਉਨ੍ਹਾਂ ਨੂੰ ਸਾਵਧਾਨੀ ਵਰਤਦਿਆਂ ਚੌਕਸ ਰਹਿਣ ਲਈ ਕਿਹਾ ਗਿਆ ਹੈ।

Related Post