March 3, 2024 16:23:46
post

Jasbeer Singh

(Chief Editor)

Latest update

ਬੰਦੀ ਸਿੰਘਾਂ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ, ਕੋਈ ਭੀਖ ਨਹੀਂ ਮੰਗ ਰਹੇ: ਐਡਵੋਕੇਟ ਧਾਮੀ

post-img

ਮਾਛੀਵਾੜਾ ਸਾਹਿਬ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ਼ ਦੀ ਲੜਾਈ ਲੜ ਰਹੀ ਹੈ, ਅਸੀਂ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ। ਉਨ੍ਹਾਂ ਕਿਹਾ ਰਾਜੋਆਣਾ ਦੀ ਰਿਹਾਈ ’ਤੇ ਅਮਿਤ ਸ਼ਾਹ ਵਲੋਂ ਦਿੱਤਾ ਬਿਆਨ ਠੀਕ ਨਹੀਂ ਸੀ ਅਤੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮੁੱਦੇ ’ਤੇ ਇੱਕ 5 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਨ੍ਹਾਂ ਵਲੋਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖਿਆ ਜਿਸ ਦਾ ਜਵਾਬ ਇਹ ਆਇਆ ਕਿ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਹੋਰ ਕੈਦੀਆਂ ਨੂੰ ਛੱਡਿਆ ਹੈ ਉਹ ਕਿਹੜੀਆਂ ਮੁਆਫ਼ੀਆਂ ਮੰਗ ਕੇ ਗਏ ਹਨ। ਇਸ ਲਈ ਗੁਰੂ ਸਾਹਿਬ ਦਾ ਸਿਧਾਂਤ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਜੋ ਬੰਦੀ ਸਿੰਘ ਹਨ, ਉਨ੍ਹਾਂ ਦੀ ਰਿਹਾਈ ਲਈ ਗੰਭੀਰਤਾ ਦਿਖਾਵੇ। ਪ੍ਰਧਾਨ ਧਾਮੀ ਨੇ ਕਿਹਾ ਕਿ ਉਨ੍ਹਾਂ ਵਲੋਂ ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ 2 ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਜੋ ਗੱਲਾਂ ਹੋਈਆਂ ਹਨ ਉਹ ਜਨਤਕ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਸਾਰੇ ਦੇਸ਼ ਦੇ ਗ੍ਰਹਿ ਮੰਤਰੀ ਲਈ ਜਿਸ ਲਈ ਉਨ੍ਹਾਂ ਨੂੰ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ। ਐੱਮ.ਪੀ. ਰਵਨੀਤ ਸਿੰਘ ਬਿੱਟੂ ਵਲੋਂ ਰਾਜੋਆਣਾ ਨੂੰ ਲੋਕ ਸਭਾ ਚੋਣਾਂ ਲੜਨ ਦੇ ਮੁੱਦੇ ਬਾਰੇ ਪੁੱਛੇ ਜਾਣ ’ਤੇ ਪ੍ਰਧਾਨ ਧਾਮੀ ਨੇ ਕਿਹਾ ਕਿ ਬਿੱਟੂ ਨੂੰ ਤਾਂ ਰਾਤ ਨੂੰ ਸੁਫ਼ਨਿਆਂ ਵਿਚ ਵੀ ਰਾਜੋਆਣਾ ਅਤੇ ਸ਼੍ਰੋਮਣੀ ਕਮੇਟੀ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਐੱਮ.ਪੀ. ਬਿੱਟੂ ਸਿਆਸੀ ਰੋਟੀਆਂ ਸੇਕ ਰਿਹਾ ਹੈ ਕਿਉਂਕਿ ਉਸ ਨੇ ਲੋਕ ਸਭਾ ਚੋਣਾਂ ਵਿਚ ਵੋਟਾਂ ਬਟੋਰਨੀਆਂ ਹਨ।

Related Post