March 3, 2024 07:06:08
post

Jasbeer Singh

(Chief Editor)

Latest update

ਕੜਾਕੇ ਦੀ ਠੰਡ ਦਰਮਿਆਨ ਰੈੱਡ ਅਲਰਟ ਜਾਰੀ, ਪੰਜਾਬ ਦੇ 16 ਜ਼ਿਲ੍ਹਿਆਂ ’ਚ ਹੋਰ ਵਿਗੜ ਸਕਦੇ ਨੇ ਹਾਲਾਤ

post-img

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਦੋਵਾਂ ਸੂਬਿਆਂ ਵਿਚ ਸਵੇਰੇ ਸੰਘਣੀ ਧੁੰਦ ਪੈਣ ਕਾਰਣ ਆਮ ਜਨਜੀਵਨ ਪ੍ਰਭਾਵਤ ਰਿਹਾ। ਕੜਾਕੇ ਦੀ ਠੰਡ ਕਾਰਣ ਪੰਜਾਬ ’ਚ ਘੱਟੋ-ਘੱਟ ਤਾਪਮਾਨ ਮਨਫੀ ਹੋ ਗਿਆ। ਪੰਜਾਬ ਦਾ ਨਵਾਂਸ਼ਹਿਰ ਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਡੇ ਰਹੇ। ਮੌਸਮ ਵਿਭਾਗ ਨੇ 16-17 ਜਨਵਰੀ ਨੂੰ ਵੀ ਪੰਜਾਬ ਵਿਚ ਸੰਘਣੀ ਧੁੰਦ ਅਤੇ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਲੋਕਾਂ ਨੂੰ ਫਿਲਹਾਲ ਰਾਹਤ ਨਹੀਂ ਮਿਲੇਗੀ।  ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਸੀ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ’ਚ 2 ਦਿਨਾਂ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ ਜਦਕਿ ਚੰਡੀਗੜ੍ਹ ਵਿਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਰਹਿਣ ਦੀ ਸੰਭਾਵਨਾ ਹੈ। ਹਰਿਆਣਾ ਦੇ 8 ਜ਼ਿਲ੍ਹਿਆਂ ਵਿਚ ਬਹੁਤ ਜ਼ਿਆਦਾ ਧੁੰਦ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਇਨ੍ਹਾਂ ਵਿਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। 

Related Post