DECEMBER 9, 2022
post

Jasbeer Singh

(Chief Editor)

World

ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਵਿੱਚ ਨਹੀਂ ਹੋ ਸਕੀ ਸੁਣਵਾਈ,ਅਗਲੀ ਸੁਣਵਾਈ 28 ਨੂੰ

post-img

ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਵਿੱਚ ਨਹੀਂ ਹੋ ਸਕੀ ਸੁਣਵਾਈ,ਅਗਲੀ ਸੁਣਵਾਈ 28 ਨੂੰ 

 

 

ਚੰਡੀਗੜ੍ਹ 17 ਫਰਵਰੀ(ਵਿਸ਼ਵ ਵਾਰਤਾ ਬਿਓਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਵਿੱਚ ਅੱਜ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ ਧਿਰ ਬਣਾਇਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜਵਾਬ ਦਾਖ਼ਲ ਕਰਨਾ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਅਤੇ ਹੋਰ ਦੋਸ਼ੀਆਂ ਨੂੰ ਅੱਜ 17 ਫਰਵਰੀ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਹਾਈ ਕੋਰਟ ਵੱਲੋਂ ਡੇਰਾ ਮੁਖੀ ਨੂੰ ਹੱਥ ਲਿਖਤ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲੀਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਸਕੱਤਰ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਰੋਹਤਕ ਦੇ ਡੀਸੀ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਰੋਹਤਕ ਡਿਵੀਜ਼ਨਲ ਕਮਿਸ਼ਨਰ ਵੱਲੋਂ ਪੈਰੋਲ ਦੇਣ ਵਿੱਚ ਕਾਨੂੰਨੀ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ।

ਜਿਕਰਯੋਗ ਹੈ ਕਿ ਐਸਜੀਪੀਸੀ ਨੇ ਰੋਹਤਕ ਦੇ ਕਮਿਸ਼ਨਰ ਵੱਲੋਂ ਰਾਮ ਰਹੀਮ ਨੂੰ 20 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਦੇਣ ਦੇ ਹੁਕਮ ਨੂੰ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਅਸਥਾਈ ਰਿਹਾਈ) ਐਕਟ 2022 ਦੀ ਧਾਰਾ-11 ਦੀ ਵਿਵਸਥਾ ਦੇ ਵਿਰੁੱਧ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਅਦਾਲਤ ਨੂੰ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਦੇ ਗ਼ੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਖ਼ਤਰਨਾਕ ਨਤੀਜਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਐਸਜੀਪੀਸੀ ਨੇ ਇਸ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ-ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਨੂੰ ਬਰਕਰਾਰ ਰੱਖਣ ਲਈ ਖ਼ਤਰਾ ਕਰਾਰ ਦਿੱਤਾ ਹੈ।

Related Post